ਗੁਰਦਾਸਪੁਰ : ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਆਰਡੀਨੈਂਸ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ। ਕਿਸਾਨਾਂ ਦੇ ਹੱਕ 'ਚ ਸਮਰਥਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਗੁਰਦਾਸਪੁਰ ਤੇ ਦੀਨਾਨਗਰ ਵਿਖੇ ਟਰੈਕਟਰ ਰੈਲੀ ਕੱਢੀ ।
ਗੁਰਦਾਸਪੁਰ ਅਤੇ ਦੀਨਾਨਗਰ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਨੇ ਟ੍ਰੈਕਟਰ ਰੈਲੀ ਕਰ ਜੰਮੂ-ਅਮ੍ਰਿਤਸਰ ਨੈਸ਼ਨਲ ਹਾਈਵੇ ਬੰਦ ਕਰ ਕਿਸਾਨਾਂ ਦੇ ਹੱਕ ਵਿੱਚ ਰੋਸ਼ ਪ੍ਰਦਰਸ਼ਨ ਕੀਤਾ। ਇਸ ਦੀ ਅਗਵਾਈ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮੋਦੀ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਤੇ ਖੇਤੀ ਆਰਡੀਨੈਂਸਾਂ ਦਾ ਵਿਰੋਧ ਕੀਤਾ।
ਇਸ ਮੌਕੇ ਗੁਰਬਚਨ ਸਿੰਘ ਬੱਬੇਹਾਲੀ ਤੇ ਸੀਨੀਅਰ ਅਕਾਲੀ ਆਗੂ ਗੁਰਇਕਬਾਲ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਅੱਜ ਪੂਰੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਵਲੋਂ ਕਿਸਾਨਾਂ ਦੇ ਹੱਕ 'ਚ ਅਤੇ ਖੇਤੀ ਬਿੱਲਾਂ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ 2019 ਵਿੱਚ ਇਨਾਂ ਬਿੱਲਾਂ ਦੀ ਹਮਾਇਤ ਕੀਤੀ ਸੀ ਤੇ ਹੁਣ ਉਹ ਵੋਟਾਂ ਲਈ ਇਸ ਦਾ ਵਿਰੋਧ ਕਰ ਰਹੇ ਹਨ।
ਅਕਾਲੀ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮੁੱਢ ਤੋਂ ਹੀ ਕਿਸਾਨ ਹਿਤੈਸ਼ੀ ਪਾਰਟੀ ਰਹੀ ਹੈ ਤੇ ਇਹ ਕਿਸਾਨਾਂ ਦੀ ਪਾਰਟੀ ਮੰਨੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪਾਰਲੀਮੈਂਟ 'ਚ ਅਕਾਲੀ ਦਲ ਵੱਲੋਂ ਇਨ੍ਹਾਂ ਖੇਤੀ ਆਰਡੀਨੈਂਸਾਂ ਦਾ ਵਿਰੋਧ ਕੀਤਾ ਗਿਆ ਸੀ, ਪਰ ਕੇਂਦਰੀ ਸਰਕਾਰ ਨੇ ਉਨ੍ਹਾਂ ਦੀ ਇੱਕ ਨਾਂ ਸੁਣੀ। ਇਸ ਕਾਰਨ ਬੀਬੀ ਹਰਸਿਮਰਤ ਕੌਰ ਬਾਦਲ ਨੇ ਆਪਣੀ ਵਜ਼ਾਰਤ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਕਿਹਾ ਕਿ ਕੈਬਿਨੇਟ ਵਜ਼ਾਰਤ ਛੱਡਣ ਮਗਰੋਂ ਅਕਾਲੀ ਦਲ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰ ਰਿਹਾ ਹੈ ਤੇ ਕਿਸਾਨਾਂ ਨੂੰ ਪੂਰਾ ਸਮਰਥਨ ਦੇ ਰਿਹਾ ਹੈ। ਉਨ੍ਹਾਂ ਕਿਹਾ ਜਦ ਤੱਕ ਖੇਤੀ ਆਰਡੀਨੈਂਸ ਰੱਦ ਨਹੀਂ ਕੀਤੇ ਜਾਂਦੇ ਅਕਾਲੀ ਦਲ ਕਿਸਾਨਾਂ ਨਾਲ ਇਹ ਲੜਾਈ ਲੜਦਾ ਰਹੇਗਾ।