ਗੁਰਦਾਸਪੁਰ: ਹਲਕਾ ਡੇਰਾ ਬਾਬਾ ਨਾਨਕ ਦੇ ਕਸਬਾ ਕਲਾਨੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਅਤੇ ਵਰਕਰਾਂ ਨਾਲ ਹੋ ਰਹੀਆਂ ਧੱਕੇਸ਼ਾਹੀਆਂ ਦੇ ਖ਼ਿਲਾਫ਼ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਕ ਮੀਟਿੰਗ ਕੀਤੀ ਗਈ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਤੇ ਬੋਲਦੇ ਹੋਏ ਜ਼ਿਲ੍ਹਾ ਪ੍ਰਧਾਨ ਬੱਬੇਹਾਲੀ ਨੇ ਕਿਹਾ ਕਿ ਅਕਾਲੀ ਵਰਕਰਾਂ ਦੇ ਨਾਲ ਜੋ ਧੱਕੇਸ਼ਾਹੀਆਂ ਕੀਤੀਆਂ ਜਾ ਰਹੀਆਂ ਹਨ ਆਉਣ ਵਾਲੇ ਸਮੇਂ ਵਿੱਚ ਉਸ ਦਾ ਜਵਾਬ ਦਿੱਤਾ ਜਾਵੇਗਾ।
ਇਸ ਸਬੰਧੀ ਬੱਬੇਹਾਲੀ ਨੇ ਕਿਹਾ ਕਿ ਕੈਬਨਿਟ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਆਪਣੇ ਹਲਕੇ ਵਿੱਚ ਦਬਦਬਾ ਬਣਾਉਣ ਦੇ ਲਈ ਅਕਾਲੀ ਵਰਕਰਾਂ ਦੇ ਉੱਪਰ ਝੂਠੇ ਪਰਚੇ ਦਰਜ ਕਰਵਾ ਰਿਹਾ ਹੈ ਅਤੇ ਅਕਾਲੀ ਵਰਕਰਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਇਸ ਲਈ ਅੱਜ ਮੀਟਿੰਗ ਕਰਕੇ ਲੋਕਾਂ ਨੂੰ ਅਤੇ ਅਕਾਲੀ ਵਰਕਰਾਂ ਨੂੰ ਲਾਮਬੰਦ ਕੀਤਾ ਗਿਆ।
ਸੁੱਚਾ ਸਿੰਘ ਲੰਗਾਹ ਦਾ ਅਕਾਲੀ ਦਲ ਕੋਈ ਸਬੰਧ ਨਹੀਂ :ਬੱਬੇਹਾਲੀ
ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਡਰਨ ਵਾਲੇ ਨਹੀਂ ਹਨ ਅਤੇ ਉਹ ਕਾਂਗਰਸ ਨੂੰ ਮੂੰਹ ਤੋੜ ਜਵਾਬ ਦੇਣਗੇ। ਜਦੋਂ ਬੱਬੇਹਾਲੀ ਨੂੰ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅਕਾਲੀ ਦਲ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ ਅਤੇ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਉਨ੍ਹਾਂ ਲਈ ਜੋ ਫ਼ੈਸਲਾ ਦੇਣਗੇ ਉਹ ਉਨ੍ਹਾਂ ਨੂੰ ਮਨਜ਼ੂਰ ਕਰਨਾ ਚਾਹੀਦਾ ਹੈ। ਕਾਂਗਰਸ ਦੀ ਚੱਲ ਰਹੀ ਆਪਸੀ ਖਿੱਚੋਤਾਣ ਬਾਰੇ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਕਬਾੜ ਇਕੱਠਾ ਕਰਕੇ ਕਾਂਗਰਸ ਨੂੰ ਬਚਾਉਣ ਦੀ ਕੋਸ਼ਿਸ਼ ਕਰੇ ਲੇਕਿਨ ਕਾਂਗਰਸ ਨੂੰ ਲੋਕ ਨਕਾਰ ਚੁੱਕੀ ਹੈ।