ਗੁਰਦਾਸਪੁਰ: ਮੁਲਾਜ਼ਮਾਂ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ 'ਤੇ ਵੱਖ ਵੱਖ ਸਬ-ਡਵੀਜਨਾਂ ’ਚ ਕੇਂਦਰ ਸਰਕਾਰ ਦੇ ਪੁਤਲੇ ਫੂਕ ਕੇ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸ਼ਹਿਰੀ ਉਪ ਮੰਡਲ ਗੁਰਦਾਸਪੁਰ ਵਿਖੇ ਟੀਐਸਯੂ ਦੇ ਸ਼ਹਿਰੀ ਪ੍ਰਧਾਨ ਰਜਿੰਦਰ ਕੁਮਾਰ ਦੀ ਅਗਵਾਈ ਹੇਠ ਨਹਿਰੂ ਪਾਰਕ ਵਿਖੇ ਕੇਂਦਰ ਸਰਕਾਰ ਪੁਤਲਾ ਫੂਕਿਆ ਗਿਆ। ਇਸ ਮੌਕੇ ਮੁਲਾਜ਼ਮਾਂ ਵੱਲੋਂ ਸਰਕਾਰ ਅੱਗੇ ਮੰਗ ਕੀਤੀ ਕਿ ਬਿਜਲੀ ਬਿੱਲ 2020 ਰੱਦ ਕੀਤਾ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਸ਼ੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਪ੍ਰਦਰਸ਼ਨ ਦੌਰਾਨ ਬਿਜਲੀ ਮੁਲਾਜ਼ਮਾਂ ਨੇ ਕਿਸਾਨਾਂ ਦੇ ਸਮਰਥਨ ਦਾ ਕੀਤਾ ਐਲਾਨ
ਇਸ ਮੌਕੇ ਸੰਬੋਧਨ ਕਰਦਿਆਂ ਬਿੱਜਲੀ ਮੁਲਾਜਮਾਂ ਦੀ ਕਮੇਟੀ ਦੇ ਆਗੂਆਂ ਨੇ ਕੇਂਦਰ ਸਰਕਾਰ ਅਤੇ ਪਾਵਰਕਾਮ ਦੀ ਮੈਨਜੇਮੈਂਟ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਬਿੱਲ-2020 ਨੂੰ ਲਾਗੂ ਕੀਤਾ ਗਿਆ ਤਾਂ ਪੰਜਾਬ ਦੇ ਸਮੁੱਚੇ ਬਿਜਲੀ ਕਾਮੇ ਤਿੱਖਾ ਸੰਘਰਸ਼ ਲਈ ਮਜਬੂਰ ਹੋਣਗੇ।
ਉਨ੍ਹਾਂ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ ਅਤੇ ਕਿਸਾਨਾਂ ਨੂੰ ਹਰ ਤਰਾਂ ਦਾ ਸਾਥ ਦੇਣ ਦਾ ਐਲਾਨ ਕੀਤਾ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਕੋਰੋਨਾ ਦੀ ਆੜ ਹੇਠ ਜੋ ਬਿਲ ਲਿਆਂਦੇ ਹਨ ਉਹ ਰੱਦ ਕੀਤੇ ਜਾਣ।