ਗੁਰਦਾਸਪੁਰ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸਾਬਕਾ ਸੈਨਿਕ ਸੰਘਰਸ਼ ਕਮੇਟੀ ਵੱਲੋਂ ਗੁਰਦਾਸਪੁਰ 'ਚ ਕਿਸਾਨ ਮਹਾਂਸਭਾ ਕਰਵਾਈ ਗਈ, ਜਿਸ 'ਚ ਪੰਜਾਬ-ਹਰਿਆਣਾ ਦੇ ਸਾਬਕਾ ਫੌਜੀਆਂ ਸਮੇਤ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਹਿੱਸਾ ਲਿਆ।
ਇਸ ਮੌਕੇ 'ਤੇ ਬੋਲਦੇ ਹੋਏ ਕਿਸਾਨ ਆਗੂਆਂ ਅਤੇ ਸਾਬਕਾ ਫੌਜੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਇਹ ਖੇਤੀ ਕਾਨੂੰਨ ਪਾਸ ਕੀਤੇ ਹਨ। ਆਗੂਆਂ ਨੇ ਕਿਹਾ ਕਿ ਹਰੇਕ ਵਰਗ ਕਿਸਾਨਾਂ ਦਾ ਸਾਥ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਸਾਬਕਾ ਫੌਜੀ ਵੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ 'ਚ ਖੜ੍ਹੇ ਰਹਿਣਗੇ।
ਸਾਬਕਾ ਸੈਨਿਕ ਸੰਘਰਸ਼ ਕਮੇਟੀ ਵੱਲੋਂ ਗੁਰਦਾਸਪੁਰ ਵਿੱਚ ਕਰਵਾਈ ਜਾ ਰਹੀ ਕਿਸਾਨ ਮਹਾਂਸਭਾ 'ਚ ਪਹੁੰਚੇ ਬੁੱਧੀਜੀਵੀ ਪ੍ਰੋ. ਮਨਜੀਤ ਸਿੰਘ ਅਤੇ ਸਾਬਕਾ ਫੌਜੀ ਸੂਰੈਨ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਖੇਤੀ ਕਾਨੂੰਨ ਪਾਸ ਕੀਤੇ ਗਏ ਹਨ, ਉਹ ਹਰ ਤਰ੍ਹਾਂ ਦੇ ਨਾਲ ਕਿਸਾਨ ਮਜ਼ਦੂਰਾਂ ਦੇ ਵਿਰੁੱਧ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਕਾਨੂੰਨ ਰੱਦ ਨਹੀਂ ਹੁੰਦੇ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਸੂਬਿਆਂ 'ਚ ਚੋਣਾਂ ਹੋ ਰਹੀਆਂ ਹਨ ਉਨ੍ਹਾਂ ਸੂਬਿਆਂ 'ਚ ਵੀ ਕਿਸਾਨ ਆਗੂ ਜਾ ਕੇ ਲੋਕਾਂ ਨੂੰ ਕੇਂਦਰ ਦੀ ਦੇਸ਼ ਵਿਰੋਧੀ ਨੀਤੀਆਂ ਪ੍ਰਤੀ ਜਾਗਰੂਕ ਕਰ ਰਹੇ ਹਨ ਤਾਂ ਜੋ ਕੇਂਦਰ ਸਰਕਾਰ ਨੂੰ ਸਬਕ ਸਿਖਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ 'ਚ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ ਤੇ ਇਹ ਰੋਸ ਉਦੋਂ ਸ਼ਾਂਤ ਹੋਵੇਗਾ ਜਦੋਂ ਖੇਤੀ ਕਾਨੂੰਨ ਰੱਦ ਹੋਣਗੇ।
ਇਹ ਵੀ ਪੜ੍ਹੋ:ਫਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ 3 ਮੋਬਾਈਲ ਬਰਾਮਦ