ਜਲੰਧਰ : ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿਖੇ ਬਣੇ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹੇ ਨੂੰ ਅੱਜ 100 ਦਿਨ ਪੂਰੇ ਹੋ ਚੁੱਕੇ ਹਨ ਅਤੇ ਇਹ ਲਾਂਘਾ ਭਾਰਤ ਅਤੇ ਪਾਕਿਸਤਾਨ ਦੇ ਲੋਕਾਂ ਵਿੱਚ ਸਾਂਝ ਵਧਾਉਣ ਦਾ ਕੰਮ ਕਰ ਰਿਹਾ ਹੈ।
ਤੁਹਾਨੂੰ ਦੱਸ ਦਈਏ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸ ਦਾ ਉਦਘਾਟਨ 9 ਨਵੰਬਰ 2019 ਨੂੰ ਕੀਤਾ ਗਿਆ। ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੁੱਲ੍ਹੇ ਹੋਇਆਂ 100 ਦਿਨ ਪੂਰੇ ਹੋ ਚੁੱਕੇ ਹਨ ਤੇ ਸਿਰਫ਼ 49,715 ਸ਼ਰਧਾਲੂ ਹੀ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਦਰਸ਼ਨ ਕਰ ਚੁੱਕੇ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਸ਼ਰਧਾਲੂਆਂ ਦੀ ਅੱਜ ਵੀ ਭਾਰਤ ਸਰਕਾਰ ਤੋਂ ਮੰਗ ਹੈ ਕਿ ਬਿਨਾਂ ਵੀਜ਼ਾ ਤੇ ਪਾਸਪੋਰਟ ਦੇ ਦਰਸ਼ਨ ਹੋਣੇ ਚਾਹੀਦੇ ਹਨ, ਕਿਉਂਕਿ ਕਈ ਲੋਕ ਅਜਿਹੇ ਹਨ ਜਿਨ੍ਹਾਂ ਦੇ ਪਾਸਪੋਰਟ ਨਹੀਂ ਹਨ ਅਤੇ ਨਾ ਹੀ ਬਣਵਾ ਸਕਦੇ ਹਨ।
ਉਨ੍ਹਾਂ ਨੇ ਮੰਗ ਕੀਤੀ ਕਿ ਭਾਰਤ-ਪਾਕਿਸਤਾਨ ਦੇ ਸਬੰਧਾਂ ਨੂੰ ਹੋਰ ਮਜਬੂਤ ਕਰਨ ਲਈ ਸ਼ਰਧਾਲੂਆਂ ਨੂੰ ਮਹਿਜ਼ ਪਹਿਚਾਣ ਪੱਤਰ ਤੇ ਵੀ ਉਨ੍ਹਾਂ ਲੋਕਾਂ ਨੂੰ ਵੀ ਦਰਸ਼ਨ ਲਈ ਭੇਜਣਾ ਚਾਹੀਦਾ ਹੈ, ਜੋ ਇੱਛੁੱਕ ਹਨ। ਇਸ ਨਾਲ ਸ਼ਰਧਾਲੂਆਂ ਦੀ ਗਿਣਤੀ ਵੱਧ ਸਕਦੀ ਸੀ।
ਇਹ ਵੀ ਪੜ੍ਹੋ : ਬਰਗਾੜੀ ਮਾਮਲੇ 'ਤੇ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਕੈਪਟਨ ਨੇ ਕੀਤੀ ਹਿਮਾਇਤ
ਉਨ੍ਹਾਂ ਨੇ ਕਿਹਾ ਸਰਕਾਰ ਹੋਰ ਫ਼ਰਾਖਦਿਲੀ ਵਖਾਉਣ ਅਤੇ ਸ਼ਰਧਾਲੂ ਉਸੇ ਤਰ੍ਹਾਂ ਪਾਕਿਸਤਾਨ ਵਿਖੇ ਸਥਿਤ ਗੁਰੂ ਘਰਾਂ ਦੇ ਦਰਸ਼ਨ ਕਰ ਸਕਣ, ਜਿਸ ਤਰ੍ਹਾਂ ਗੁਰੂ ਨਾਨਕ ਸਾਹਿਬ ਵੇਲੇ ਹੁੰਦਾ ਸੀ। ਜਾਣਕਾਰੀ ਮੁਤਾਬਕ ਕਰਤਾਰਪੁਰ ਸਾਹਿਬ ਦੇ ਲਾਂਘੇ ਦੀ ਨੀਂਹ ਨਵੰਬਰ 2018 ਵਿੱਚ ਰੱਖੀ ਗਈ ਸੀ ਅਤੇ ਇਸ ਨੂੰ ਸਾਲ 2019 ਵਿੱਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਖੋਲ੍ਹਿਆ ਗਿਆ ਸੀ।
ਇਸ ਦਾ ਸਿਹਰਾ ਕੈਪਟਨ ਸਰਕਾਰ ਦੀ ਕੈਬਿਨੇਟ ਵਿੱਚ ਮੰਤਰੀ ਰਹੇ ਨਵਜੋਤ ਸਿੰਘ ਸਿੱਧੂ ਦੇ ਸਿਰ ਜਾਂਦਾ ਹੈ, ਜਿਨ੍ਹਾਂ ਨੇ ਪਾਕਿਸਤਾਨ ਦੇ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਦੀ ਪਹਿਲ ਉੱਤੇ ਇਸ ਲਾਂਘੇ ਦੇ ਲਈ ਹਾਂਅ ਦਾ ਨਾਅਰਾ ਮਾਰਿਆ ਸੀ।