ਗੁਰਦਾਸਪੁਰ: ਲੱਦਾਖ ਦੀ ਗਲਵਾਨ ਘਾਟੀ ਵਿੱਚ ਚੀਨੀ ਫੌਜ ਨਾਲ ਹੋਈ ਝੜਪ ਵਿੱਚ ਸ਼ਹੀਦ ਹੋਏ ਗੁਰਦਾਸਪੁਰ ਦੇ ਪਿੰਢ ਭੋਜਰਾਜ ਦੇ ਸ਼ਹੀਦ ਨਾਇਬ ਸੂਬੇਦਾਰ ਸਤਨਾਮ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਪਹੁੰਚੇ।
ਬਿਕਰਮ ਸਿੰਘ ਨੇ ਸ਼ਹੀਦ ਦੇ ਪਿਤਾ ਜਗੀਰ ਸਿੰਘ, ਸ਼ਹੀਦ ਦੇ ਭਰਾ ਫ਼ੌਜੀ ਜਵਾਨ ਸੁਖਚੈਨ ਸਿੰਘ, ਸ਼ਹੀਦ ਦੀ ਪਤਨੀ ਜਸਵਿੰਦਰ ਕੌਰ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹੁੰਦੇ ਹਨ ਅਤੇ ਹਰ ਇੱਕ ਨੂੰ ਸ਼ਹੀਦ ਦੇ ਪਰਿਵਾਰ ਨਾਲ ਖੜ੍ਹਨਾ ਚਾਹੀਦਾ ਹੈ।
ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰ ਦੀ ਹਰ ਸੰਭਵ ਮਦਦ ਸਰਕਾਰ ਨੂੰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਮੈਨੂੰ ਆਸ ਹੈ ਕਿ ਪੰਜਾਬ ਸਰਕਾਰ ਨੇ ਜੋ ਵਾਅਦੇ ਸ਼ਹੀਦ ਦੇ ਪਰਿਵਾਰ ਨਾਲ ਕੀਤੇ ਹਨ ਉਨ੍ਹਾਂ ਨੂੰ ਜਲਦ ਪੂਰਾ ਕਰੇਗੀ। ਮਜੀਠੀਆ ਨੇ ਕਿਹਾ ਕਿ ਜੇਕਰ ਸ਼ਹੀਦਾਂ ਦੇ ਪਰਿਵਾਰਾਂ ਦੀ ਮੰਗ ਹੈ ਕਿ ਉਨ੍ਹਾਂ ਇੱਕ ਸਰਕਾਰੀ ਨੌਕਰੀ ਦੀ ਬਜਾਏ ਦੋ ਸਕਰਾਰੀ ਨੌਕਰੀਆਂ ਦਿੱਤੀਆਂ ਜਾਣ ਤਾਂ ਕੈਪਟਨ ਸਰਕਾਰ ਨੂੰ ਇਸ ਮੰਗ ਨੂੰ ਤੁਰੰਤ ਮੰਨਣਾ ਚਾਹੀਦਾ ਹੈ।