ਗੁਰਦਾਸਪੁਰ: ਗੁਰਦਾਸਪੁਰ ਦੇ ਕਸਬਾ ਕਲਾਨੌਰ ਵਿੱਚ ਇਕ ਵਿਆਹੁਤਾ ਦੀ ਹੋਈ ਮੌਤ Married woman dies in Gurdaspur Kalanaur town ਮਾਮਲੇ ਵਿੱਚ ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਲੜਕੀ ਦੇ ਸਹੁਰਾ ਪਰਿਵਾਰ 'ਤੇ ਉਸ ਨੂੰ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਆਰੋਪ ਲਗਾਏ ਹਨ। ਇਸ ਮਾਮਲੇ ਵਿੱਚ ਮ੍ਰਿਤਕ ਲੜਕੀ ਪ੍ਰਿਅੰਕਾ ਦੀ ਮ੍ਰਿਤਕ ਦੇਹ ਨੂੰ ਕਲਾਨੌਰ ਪੁਲਿਸ ਨੇ ਪੋਸਟਮਾਰਟਮ ਦੇ ਲਈ ਭੇਜ ਮ੍ਰਿਤਕ ਲੜਕੀ ਦੇ ਪਤੀ ਸਮੇਤ ਸਹੁਰਾ ਪਰਿਵਾਰ ਦੇ 6 ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਕਿਹਾ ਕਿ ਇਨ੍ਹਾਂ ਆਰੋਪੀਆਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੜਕੀ ਪ੍ਰਿਯੰਕਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦਾ ਵਿਆਹ ਕਰੀਬ 2 ਸਾਲ ਪਹਿਲਾਂ ਕਲਾਨੌਰ ਵਾਸੀ ਅਰੁਣ ਅਰੋੜਾ ਦੇ ਨਾਲ ਹੋਇਆ ਸੀ ਅਤੇ ਇਨ੍ਹਾਂ ਦੋਨਾਂ ਦੀ ਇਕ ਦੋ ਸਾਲ ਦੀ ਬੱਚੀ ਹੈ। ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਆਰੋਪ ਲਗਾਏ ਕਿ ਉਨ੍ਹਾਂ ਦੀ ਬੇਟੀ ਨੂੰ ਉਸ ਦਾ ਪਤੀ, ਸਹੁਰਾ ਅਤੇ ਸੱਸ ਦਹੇਜ ਲਈ ਤੰਗ ਪ੍ਰੇਸ਼ਾਨ ਕਰਦੇ ਸਨ ਅਤੇ ਵਾਰ ਵਾਰ ਪੈਸਿਆਂ ਦੀ ਮੰਗ ਕਰਦੇ ਸਨ।
ਉਨ੍ਹਾਂ ਕਿਹਾ ਕਿ ਕਈ ਵਾਰ ਉਨ੍ਹਾਂ ਨੇ ਆਪਣੀ ਲੜਕੀ ਨੂੰ ਪੈਸੇ ਭੇਜੇ ਸਨ, ਪਰ ਇਸ ਵਾਰ ਉਸ ਦਾ ਪਤੀ ਅਰੁਣ ਅਰੋੜਾ ਦੀਵਾਲੀ ਉੱਤੇ ਕਾਰ ਦੀ ਮੰਗ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਦੇ ਭਰਾ ਨੇ ਉਸ ਨੂੰ ਕਾਰ ਦੇਣੀ ਸੀ, ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਦੀ ਬੇਟੀ ਨਾਲ ਮਾਰ ਕੁਟਾਈ ਕੀਤੀ ਗਈ ਅਤੇ ਉਸ ਦੀ ਹੱਤਿਆ ਕਰ ਦਿੱਤੀ ਗਈ ਹੈ। ਕੱਲ੍ਹ ਸ਼ਾਮ ਨੂੰ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਗਿਆ ਕਿ ਉਨ੍ਹਾਂ ਦੀ ਬੇਟੀ ਮਰ ਚੁੱਕੀ ਹੈ, ਇਸ ਲਈ ਅੱਜ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕਰ ਮੰਗ ਕੀਤੀ ਹੈ ਕਿ ਸਾਰੇ ਪਰਿਵਾਰ ਨੂੰ ਬਣਦੀ ਕਾਨੂੰਨੀ ਸਜ਼ਾ ਦਿੱਤੀ ਜਾਵੇ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਕਲਾਨੌਰ ਦੇ ਪੁਲਿਸ ਅਧਿਕਾਰੀ ਗੁਰਮੁਖ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਲੜਕੀ ਨੇ ਆਤਮ-ਹੱਤਿਆ ਕੀਤੀ ਹੈ। ਇਸ ਮਾਮਲੇ ਵਿੱਚ ਮ੍ਰਿਤਕ ਲੜਕੀ ਦੇ ਪਿਤਾ ਪਵਨ ਕੁਮਾਰ ਦੇ ਬਿਆਨ ਦਰਜ ਕਰ ਮ੍ਰਿਤਕ ਲੜਕੀ ਦੇ ਸਹੁਰਾ ਪਰਿਵਾਰ ਦੇ 6 ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਹਨਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ।
ਇਹ ਵੀ ਪੜੋ:- ਮਜ਼ਦੂਰ ਯੂਨੀਅਨ ਨੇ ਇਕ ਦੂਜੇ ਨੂੰ ਰੇਤਾ ਖਵਾ ਕੇ ਮਨਾਇਆ ਵਿਸ਼ਵਕਰਮਾ ਦਿਨ !