ਗੁਰਦਾਸਪੁਰ: ਡੇਰਾ ਬਾਬਾ ਨਾਨਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਵੀਰਵਾਰ ਨੂੰ ਪੰਜਾਬ ਕੈਬਿਨੇਟ ਦੀ ਬੈਠਕ ਹੋਵੇਗੀ। ਇਸ ਨੂੰ ਲੈ ਕੇ ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ ਕਰ ਲਈ ਗਈਆਂ ਹਨ।
ਇਹ ਵੀ ਪੜ੍ਹੋ: ਲੰਗਰ ਉੱਤੇ ਲੱਗੀ ਜੀ ਐਸ ਟੀ ਦੀ ਰਕਮ SGPC ਨੂੰ ਵਾਪਸ
ਇਸ ਬਾਰੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਦੱਸਿਆ ਕਿ ਵੀਰਵਾਰ ਨੂੰ ਹੋਣ ਜਾ ਰਹੀ ਪੰਜਾਬ ਕੈਬਿਨੇਟ ਦੀ ਮੀਟਿੰਗ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸੂਬੇ ਦੇ ਸਾਰੇ ਕੈਬਿਨੇਟ ਮੰਤਰੀ ਹਿੱਸਾ ਲੈਣਗੇ। ਇਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਅਨਾਜ ਮੰਡੀ ਵਿੱਚ ਪੰਡਾਲ ਲਾਇਆ ਗਿਆ ਤੇ ਵਿਸ਼ੇਸ ਇੰਤਜ਼ਾਮ ਕੀਤੇ ਜਾ ਚੁੱਕੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਕਰਤਾਰਪੁਰ ਲਾਂਘੇ ਦੇ ਕੰਮ ਦਾ ਜਾਇਜ਼ਾ ਲੈਣਗੇ ਤੇ ਸਾਰੇ ਕੈਬਿਨੇਟ ਮੰਤਰੀ ਉਨ੍ਹਾਂ ਦੇ ਨਾਲ ਹੋਣਗੇ ਤੇ ਬਾਅਦ ਵਿੱਚ ਡੇਰਾ ਬਾਬਾ ਨਾਨਕ ਵਿੱਖੇ ਮੀਟਿੰਗ ਕਰਨਗੇ।
ਇਸ ਤੋਂ ਇਲਾਵਾ ਐੱਸਐੱਸਪੀ ਬਟਾਲਾ ਨੇ ਦੱਸਿਆ ਕਿ ਸਾਰੇ ਇਲਾਕੇ ਵਿੱਚ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ ਤਾਂ ਕਿ ਸ਼ਹਿਰ ਵਾਸੀਆਂ ਨੂੰ ਆਵਾਜਾਈ ਵਿੱਚ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।