ਗੁਰਦਾਸਪੁਰ: ਕੋਰੋਨਾ ਵਾਇਰਸ ਕਾਰਨ ਪੰਜਾਬ ਵਿੱਚ ਲਗਾਏ ਗਏ ਕਰਫਿਊ ਦੌਰਾਨ ਪੰਜਾਬ ਪੁਲਿਸ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਢੰਗ-ਤਰੀਕੇ ਅਪਣਾ ਰਹੀ ਹੈ ਤਾਂ ਜੋ ਲੋਕ ਆਪਣੇ ਘਰਾਂ ਵਿੱਚ ਰਹਿਣ ਅਤੇ ਇਸ ਨਾ-ਮੁਰਾਦ ਬਿਮਾਰੀ ਤੋਂ ਬੱਚ ਸਕਣ। ਗੁਰਦਾਸਪੁਰ ਵਿੱਚ ਪੰਜਾਬ ਪੁਲਿਸ ਨੇ ਇੱਕ ਜੋੜੇ ਦੇ ਵਿਆਹ ਦੀ 25ਵੀਂ ਵਰ੍ਹੇਗੰਢ ਉਨ੍ਹਾਂ ਦੇ ਘਰ ਜਾ ਕੇ ਕੇਕ ਕੱਟ ਕੇ ਮਨਾਈ ਅਤੇ ਇਹ ਸੰਦੇਸ਼ ਦਿੱਤਾ ਹੈ ਕਿ ਪੰਜਾਬ ਪੁਲਿਸ ਲੋਕਾਂ ਦੀ ਹਰ ਇਕ ਖੁਸ਼ੀ ਦਾ ਖਿਆਲ ਰੱਖ ਰਹੀ ਹੈ। ਪੁਲਿਸ ਨੇ ਕਿਹਾ ਕਿ ਲੋਕ ਵੀ ਸਹਿਯੋਗ ਕਰਨ ਅਤੇ ਕਾਨੂੰਨ ਦੀ ਪਾਲਣਾ ਕਰਨ ਤਾਂ ਜੋ ਇਸ ਕੋਰੋਨਾ ਵਰਗੀ ਨਾ-ਮੁਰਾਦ ਬਿਮਾਰੀ ਤੋਂ ਪੰਜਾਬ ਦੇ ਲੋਕਾਂ ਨੂੰ ਬਚਾਇਆ ਜਾ ਸਕੇ।
ਜਾਣਕਾਰੀ ਦਿੰਦਿਆਂ ਮਹਿਲਾ ਅਨੀਤਾ ਮਹਾਜਨ ਨੇ ਦੱਸਿਆ ਕਿ ਉਨ੍ਹਾਂ ਦੇ ਵਿਆਹ ਦੀ 25ਵੀਂ ਵਰ੍ਹੇਗੰਢ ਮੌਕੇ ਉਨ੍ਹਾਂ ਨੂੰ ਪਤਾ ਨਹੀਂ ਸੀ ਕਿ ਪੰਜਾਬ ਪੁਲਿਸ ਉਨ੍ਹਾਂ ਨੂੰ ਇਸ ਤਰ੍ਹਾਂ ਦਾ ਸਰਪ੍ਰਾਇਜ਼ ਦਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ ਕਿ ਪੰਜਾਬ ਪੁਲਿਸ ਇਸ ਔਖੀ ਘੜੀ ਵਿੱਚ ਉਨ੍ਹਾਂ ਦੀਆਂ ਖੁਸ਼ੀਆਂ ਦਾ ਖਿਆਲ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਪੁਲਿਸ ਦੇ ਨਾਲ ਹਾਂ ਅਤੇ ਉਨ੍ਹਾਂ ਦਾ ਹਰ ਹੁਕਮ ਮੰਨਣ ਨੂੰ ਤਿਆਰ ਹਾਂ।
ਇਹ ਵੀ ਪੜ੍ਹੋ: ਕੋਵਿਡ-19: ਦੁਨੀਆ ਭਰ 'ਚ ਮਰੀਜ਼ਾਂ ਦੀ ਗਿਣਤੀ 40 ਲੱਖ ਤੋਂ ਪਾਰ, 2 ਲੱਖ 79 ਹਜ਼ਾਰ ਮੌਤਾਂ
ਇਸ ਮੌਕੇ ਡੀਐਸਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅੱਜ ਇਸ ਜੋੜੇ ਦੇ ਵਿਆਹ ਦੀ 25 ਵੀਂ ਵਰੇਗੰਢ ਹੈ, ਇਸ ਲਈ ਲੋਕਾਂ ਨੂੰ ਇੱਕ ਸੰਦੇਸ਼ ਦੇਣ ਲਈ ਅਤੇ ਇਸ ਪਰਿਵਾਰ ਨੂੰ ਖੁਸ਼ੀ ਦੇਣ ਲਈ ਇਹ ਉਪਰਾਲਾ ਕੀਤਾ ਗਿਆ ਹੈ ਕਿ ਤੁਸੀਂ ਆਪਣੇ ਘਰਾਂ ਵਿੱਚ ਰਹੋ ਪੰਜਾਬ ਪੁਲਿਸ ਤੁਹਾਡੀ ਹਰ ਇੱਕ ਖੁਸ਼ੀ ਦਾ ਧਿਆਨ ਰੱਖੇਗੀ।