ਗੁਰਦਾਸਪੁਰ: ਪੈਟਰੋਲ-ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਅਤੇ ਪੰਜਾਬ ਸਰਕਾਰ ਵੱਲੋਂ ਗਰੀਬਾਂ ਦੇ ਕੱਟੇ ਗਏ ਨੀਲੇ ਕਾਰਡ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ 6 ਅਗੱਸਤ ਨੂੰ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕਰਨ ਜਾ ਰਹੀ ਹੈ। ਇਸ ਨੂੰ ਲੈ ਕੇ ਗੁਰਦਾਸਪੁਰ ਪੁੱਜੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ।
ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਰਣੀਕੇ ਨੇ ਕਿਹਾ ਕਿ ਸੁੱਤੀ ਪਈ ਸੂਬਾ ਸਰਕਾਰ ਨੂੰ ਜਗਾਉਣ ਵਾਸਤੇ ਧਰਨੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਵੀ ਅਪੀਲ ਕਰਨਗੇ ਕਿ ਉਹ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕਰੇ।
ਰਣੀਕੇ ਨੇ ਜ਼ਹਿਰੀਲੀ ਸ਼ਰਾਬ ਨਾਲ ਵਾਪਰੇ ਦੁਖਾਂਤ 'ਤੇ ਸੂਬਾ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਦੀ ਨਲਾਇਕੀ ਕਾਰਨ ਇਹ ਦੁਖਾਂਤ ਵਾਪਰਿਆ ਹੈ, ਜਿਸ ਕਾਰਨ ਕੈਪਟਨ ਅਮਰਿੰਦਰ ਸਿੰਘ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ ਅਤੇ ਇਸ ਲਈ ਜ਼ਿੰਮੇਵਾਰ ਮੰਤਰੀਆਂ ਤੇ ਵੱਡੇ ਅਫਸਰਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ 25 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਵੇ।
ਗੁਰਚਰਨ ਸਿੰਘ ਬੱਬੇਹਾਲੀ, ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਲੋਕ ਵਿਰੋਧੀ ਫੈਸਲਿਆਂ ਦਾ ਵਿਰੋਧ ਕਰਨ ਲਈ ਅਕਾਲੀ ਦਲ ਵਲੋਂ 6 ਅਗੱਸਤ ਤੋਂ ਇਹ ਰੋਸ ਮੁਜ਼ਾਹਰੇ ਕੀਤੇ ਜਾਣਗੇ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।