ਗੁਰਦਾਸਪੁਰ: ਪੈਟਰੋਲ-ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਤੇ ਕਾਂਗਰਸ ਸਰਕਾਰ ਵੱਲੋਂ ਗਰੀਬਾਂ ਦੇ ਕੱਟੇ ਗਏ ਨੀਲੇ ਕਾਰਡ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ 7 ਜੁਲਾਈ ਨੂੰ ਪੂਰੇ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਕਰਨ ਜਾ ਰਹੀ ਹੈ। ਇਸ ਨੂੰ ਲੈ ਕੇ ਗੁਰਦਾਸਪੁਰ ਪਹੁੰਚੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਅਕਾਲੀ ਵਰਕਰਾਂ ਨਾਲ ਗੱਲਬਾਤ ਕੀਤੀ।
ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਤੋ ਬਾਅਦ ਰਣੀਕੇ ਨੇ ਕਿਹਾ ਕਿ ਸੁਤੀ ਪਈ ਸੂਬਾ ਸਰਕਾਰ ਨੂੰ ਜਗਾਉਣ ਵਾਸਤੇ ਧਰਨੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਵੀ ਅਪੀਲ ਕਰਨਗੇ ਕਿ ਉਹ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਵਿੱਚ ਕਟੌਤੀ ਕਰਨ।
ਅੰਮ੍ਰਿਤਸਰ ਰੇਲ ਹਾਦਸੇ 'ਤੇ ਬੋਲਦਿਆਂ ਰਣੀਕੇ ਨੇ ਕਿਹਾ ਕਿ ਅੰਮ੍ਰਿਤਸਰ ਰੇਲ ਹਾਦਸੇ ਵਿੱਚ ਸਰਕਾਰ ਨੇ ਨਿਰਪੱਖ ਹੋ ਕੇ ਫ਼ੈਸਲਾ ਨਹੀਂ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਨਾਂ ਤਾਂ ਨੌਕਰੀ ਮਿਲੀ ਹੈ, ਤੇ ਨਾ ਹੀ ਮੁਆਵਜ਼ਾ ਮਿਲਿਆ ਹੈ।