ਗੁਰਦਾਸਪੁਰ: ਸੁੱਚਾ ਸਿੰਘ ਲੰਗਾਹ ਦੇ ਅੰਮ੍ਰਿਤ ਛਕਣ ਵਾਲੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਗੜੀ ਗੁਰਦਾਸ ਨੰਗਲ ਦੇ ਤਿੰਨ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ।
ਤਿੰਨ ਮੁਲਾਜ਼ਮ ਕੀਤੇ ਮੁਅੱਤਲ
ਗੁਰਦੁਆਰਾ ਸਾਹਿਬ ਨਾਲ ਸਬੰਧਿਤ ਮੁਲਾਜ਼ਮਾਂ ਜਿਨ੍ਹਾਂ ਵਿਚ ਰਛਪਾਲ ਸਿੰਘ ਇੰਚਾਰਜ, ਭਾਈ ਖੁਸ਼ਵੰਤ ਸਿੰਘ ਗ੍ਰੰਥੀ, ਭਾਈ ਹਰਮੀਤ ਸਿੰਘ ਕਥਾਵਾਚਕ ਨੂੰ ਭਾਈ ਲੌਂਗੋਵਾਲ ਪ੍ਰਧਾਨ ਸਾਹਿਬ ਦੇ ਹੁਕਮਾਂ ਅਨੁਸਾਰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਵੀ ਕਿਹਾ ਹੈ ਕਿ ਇਸ ਮਾਮਲੇ ਦੀ ਜਾਂਚ ਲਈ ਇੱਕ ਕਮੇਟੀ ਬਣਾਈ ਗਈ ਹੈ।
ਅਕਾਲੀਆਂ ਨੇ ਵੀ ਪਾਸਾ ਵੱਟਿਆ
ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਇਸ ਮਾਮਲੇ ਤੋਂ ਆਪਣਾ ਪੱਲਾ ਝਾੜਦਿਆਂ ਕਿਹਾ ਕਿ ਇਸ ਨਾਲ ਅਕਾਲੀ ਦਲ ਦਾ ਕੋਈ ਵੀ ਸਬੰਧ ਨਹੀਂ ਹੈ ਇਹ ਸਭ ਕਾਂਗਰਸ ਦੀ ਚਾਲ ਹੈ।
ਕੀ ਹੈ ਪੂਰਾ ਮਾਮਲਾ
ਜ਼ਿਕਰ ਕਰ ਦਈਏ ਕਿ ਜਬਰ ਜਨਾਹ ਮਾਮਲੇ ਵਿੱਚ ਨਾਮਜ਼ਦ ਸੀਨੀਅਰ ਅਕਾਲੀ ਆਗੂ ਨੂੰ ਪੰਥ ਵਿੱਚੋਂ ਛੇਕ ਦਿੱਤਾ ਗਿਆ ਸੀ ਹਾਲਾਂਕਿ ਇਸ ਮਾਮਲੇ ਵਿੱਚੋਂ ਅਦਾਲਤ ਨੇ ਉਸ ਨੂੰ ਬਰੀ ਕਰ ਦਿੱਤਾ ਪਰ ਫਿਰ ਵੀ ਸ੍ਰੀ ਅਕਾਲ ਤਖ਼ਤ ਵੱਲੋਂ ਉਸ ਨੂੰ ਮਾਫ਼ੀ ਨਹੀਂ ਦਿੱਤੀ ਗਈ ਸੀ।
ਹੁਣ ਲੰਗਾਹ ਨੇ ਗੁਰਦਾਸਪੁਰ ਦੇ ਕਸਬਾ ਧਾਰੀਵਾਲ ਗੁਰਦਾਸ ਨੰਗਲ ਵਿੱਚ ਸਥਿਤ ਬਾਬਾ ਬੰਦਾ ਬਹਾਦਰ ਦੀ ਯਾਦ ਵਿਚ ਸਥਾਪਿਤ ਗੁਰਦਆਰਾ ਗੜੀ ਬਾਬਾ ਬੰਦਾ ਸਿੰਘ ਬਹਾਦਰ ਵਿੱਚ ਪੰਜ ਪਿਆਰਿਆਂ ਤੋਂ ਖਿਮਾ ਯਾਚਨਾ ਕਰ ਮੁੜ ਅੰਮ੍ਰਿਤਪਾਨ ਕੀਤਾ। ਇਸ ਮਾਮਲੇ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਥਕ ਅਤੇ ਸਿਆਸੀ ਗਲਿਆਰਿਆਂ ਵਿੱਚ ਚਰਚਾ ਛਿੜ ਗਈ ਹੈ।