ਗੁਰਦਾਸਪੁਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਐਤਵਾਰ ਨੂੰ ਜ਼ਿਲ੍ਹੇ ਦੇ ਪਿੰਡ ਨਿਕੇ ਘੁੰਮਣਾ ਵਿਖੇ ਗੁਰਦੁਆਰਾ ਸ਼੍ਰੀ ਅੰਗੀਠਾ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ। ਉਨ੍ਹਾਂ ਨਾਲ ਜ਼ਿਲ੍ਹੇ ਦੇ ਅਕਾਲੀ ਆਗੂ ਵੀ ਹਾਜ਼ਰ ਸਨ।
ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਣ ਉਪਰੰਤ ਅਕਾਲੀ ਦਲ ਦੇ ਪ੍ਰਧਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਗੱਲਬਾਤ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਪੰਥ ਦੀਆਂ ਜਥੇਬੰਦੀਆਂ ਹਨ। ਉਨ੍ਹਾਂ ਕਿਹਾ ਕਿ ਕੋਈ ਜਿੰਨਾ ਮਰਜ਼ੀ ਜ਼ੋਰ ਲਗਾ ਲਵੇ, ਕਦੇ ਵੀ ਇਨ੍ਹਾਂ ਜਥੇਬੰਦੀਆਂ ਨੂੰ ਕਮਜ਼ੋਰ ਨਹੀਂ ਕਰ ਸਕਦਾ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਥੇਬੰਦੀਆਂ ਨੂੰ ਕੁੱਝ ਲੋਕ ਕਮਜ਼ੋਰ ਕਰਨ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਇਹ ਅਜਿਹੇ ਲੋਕ ਹਨ, ਜੋ ਏਜੰਸੀਆਂ ਅਤੇ ਪੰਥ ਵਿਰੋਧੀ ਤਾਕਤਾਂ ਦੇ ਇਸ਼ਾਰੇ 'ਤੇ ਚੱਲ ਰਹੇ ਹਨ, ਜਿਨ੍ਹਾਂ ਬਾਰੇ ਸਾਰਿਆਂ ਨੂੰ ਪਤਾ ਹੈ।
ਸੁਖਬੀਰ ਬਾਦਲ ਨੇ ਨਾਲ ਹੀ ਪੰਜਾਬ ਸਰਕਾਰ ਅਤੇ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਲਾਉਂਦੇ ਹੋਏ ਕਿਹਾ ਕਿ ਅਮਰਿੰਦਰ ਸਿੰਘ ਨੂੰ ਹਿੰਮਤ ਕਰਕੇ ਖੇਤੀ ਕਾਨੂੰਨਾਂ ਦੇ ਸਬੰਧ ਵਿੱਚ ਕੇਂਦਰ ਸਰਕਾਰ ਨਾਲ ਇੱਕ ਵਾਰ ਗੱਲਬਾਤ ਤਾਂ ਕਰਨੀ ਚਾਹੀਦੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਸੱਦਣ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਇਜਲਾਸ ਨਾਲ ਕੁੱਝ ਨਹੀਂ ਹੋਣਾ ਸਗੋਂ ਉਪਰ ਜਾ ਕੇ ਮੋਦੀ ਨੂੰ ਖੜਕਾਉਣਾ ਪੈਣਾ ਹੈ।