ਗੁਰਦਾਸਪੁਰ: ਕਸਬਾ ਧਾਰੀਵਾਲ ਦੇ ਪਿੰਡ ਰਣੀਆ ’ਚ ਬੁੱਧਵਾਰ ਦੇਰ ਰਾਤ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ 33 ਸਾਲਾ ਨੌਜਵਾਨ ਜਗਦੀਪ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਮਿਲਦਿਆਂ ਮੌਕੇ ’ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਨੇ ਦੱਸਿਆ ਉਨ੍ਹਾਂ ਦਾ ਭਰਾ ਘਰ ਦੇ ਬਾਹਰ ਘੁੰਮ ਰਿਹਾ ਸੀ ਅਤੇ ਇਸੇ ਦੌਰਾਨ ਕੁੱਝ ਅਣਪਛਾਤੇ ਵਿਅਕਤੀਆਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦਾ ਪਿੰਡ ਦੇ ਹੀ ਕੁੱਝ ਲੋਕਾਂ ਨਾਲ ਝਗੜਾ ਚੱਲ ਰਿਹਾ ਸੀ। ਇਸ ਲਈ ਉਨ੍ਹਾਂ ਨੂੰ ਸ਼ੱਕ ਹੈ ਕਿ ਇਸੇ ਰੰਜਿਸ਼ ਦੇ ਚੱਲਦਿਆਂ ਜਗਦੀਪ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ।
ਮੌਕੇ ’ਤੇ ਪਹੁੰਚੇ ਡੀ.ਐਸ.ਪੀ. ਕੁਲਵੰਤ ਸਿੰਘ ਵਿਰਕ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫ਼ਿਲਹਾਲ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।