ਹੁਸ਼ਿਆਰਪੁਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾ ਰਿਹਾ ਹੈ। ਇਸੇ ਦੇ ਤਹਿਤ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ 21 ਨਵੰਬਰ ਤੋਂ 23 ਨਵੰਬਰ ਤੱਕ ਰੌਸ਼ਨ ਗਰਾਊਂਡ ਹੁਸ਼ਿਆਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਵੇਖਣ ਲਈ ਕੋਈ ਫ਼ੀਸ ਨਹੀਂ ਲਈ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੌਸ਼ਨ ਗਰਾਊਂਡ ਹੁਸ਼ਿਆਰਪੁਰ ਵਿਖੇ 21 ਤੋਂ 23 ਨਵੰਬਰ ਤੱਕ ਡਿਜੀਟਲ ਮਿਊਜ਼ੀਅਮ ਸਥਾਪਿਤ ਕੀਤਾ ਜਾਵੇਗਾ, ਜੋ ਲੋਕਾਂ ਦੇ ਵੇਖਣ ਲਈ ਤਿੰਨੋ ਦਿਨ ਸਵੇਰੇ 7 ਵਜੇ ਤੋਂ ਸ਼ਾਮ 5:30 ਵਜੇ ਤੱਕ ਖੁੱਲਾ ਰਹੇਗਾ। ਉਨ੍ਹਾਂ ਅੱਗੇ ਦੱਸਿਆ ਕਿ ਅਧਿਆਤਮਿਕ ਪ੍ਰੋਗਰਾਮ ਸ਼ਾਮ 6.15 ਤੋਂ 7 ਵਜੇ ਅਤੇ ਰਾਤ 7.45 ਤੋਂ 8.30 ਵਜੇ ਤੱਕ ਹੋਣਗੇ।
ਇਹ ਵੀ ਪੜ੍ਹੋ: ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੇ ਸੰਸਥਾਪਕ ਡਾਇਰੈਕਟਰ ਜਨਰਲ ਡਾ. ਰਘਬੀਰ ਸਿੰਘ ਦਾ ਹੋਇਆ ਦਿਹਾਂਤ
ਈਸ਼ਾ ਕਾਲੀਆ ਨੇ ਕਿਹਾ ਕਿ ਇਸ ਦੌਰਾਨ ਗੁਰੂ ਸਾਹਿਬ ਦੇ ਜੀਵਨ, ਉਦਾਸੀਆਂ ਤੇ ਉਪਦੇਸ਼ਾਂ ਬਾਰੇ ਜਾਣੂੰ ਕਰਵਾਉਣ ਲਈ ਅਤਿ-ਆਧੁਨਿਕ ਤਕਨੀਕ ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਨੇ ਇਸ ਪ੍ਰੋਗਰਾਮ ਤਹਿਤ ਜ਼ਿਲ੍ਹਾਂ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਕੀਤੀ। ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਵਸਨੀਕਾਂ ਨੂੰ ਤਿੰਨਾਂ ਦਿਨਾਂ ਦੌਰਾਨ ਹੁੰਮ-ਹੁੰਮਾ ਕੇ ਰੌਸ਼ਨ ਗਰਾਊਂਡ, ਹੁਸ਼ਿਆਰਪੁਰ ਪੁਹੁੰਚਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਜਿੱਥੇ ਜ਼ਿਲ੍ਹਾਂ ਪੁਲਿਸ ਨੂੰ ਸੁਰੱਖਿਆ ਅਤੇ ਪਾਰਕਿੰਗ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ, ਉੱਥੇ ਗਰਾਊਂਡ ਦੀ ਸਾਫ਼-ਸਫ਼ਾਈ ਲਈ ਨਗਰ ਨਿਗਮ ਨੂੰ ਹਦਾਇਤ ਦਿੱਤੀ।