ਹੁਸ਼ਿਆਰਪੁਰ: ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਸਰਕਾਰ ਤੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਖ਼ਿਲਾਫ਼ ਨਆਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ। ਆਮ ਆਦਮੀ ਪਾਰਟੀ ਦੇ ਇਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਸਮੁੱਚੀ ਲੀਡਰਸ਼ਿਪ ਨੇ ਸ਼ਿਰਕਤ ਕੀਤੀ।
ਹਾਲਾਂਕਿ ਸੁਰੱਖਿਆ ਦੇ ਲਿਹਾਜ਼ ਨੂੰ ਮੁੱਖ ਰੱਖਦਿਆਂ ਹੋਇਆ, ਪੁਲਿਸ ਵੱਲੋਂ ਪਹਿਲਾਂ ਹੀ ਸਖ਼ਤ ਪ੍ਰਬੰਧ ਕੀਤੇ ਹੋਏ ਸਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਪੁਲਿਸ ਮੁਲਾਜ਼ਮਾਂ ਵਿਚਕਾਰ ਜੰਮ ਕੇ ਧੱਕਾ ਮੁੱਕੀ ਹੋਈ।
ਮੀਡੀਆ ਨਾਲ ਗੱਲਬਾਤ ਦੌਰਾਨ ਆਮ ਆਦਮੀ ਪਾਰਟੀ ਦੇ ਇਨ੍ਹਾਂ ਆਗੂਆਂ ਨੇ ਕਿਹਾ, ਕਿ ਕਾਂਗਰਸ ਸਰਕਾਰ ਸਿਰਫ਼ ਤੇ ਸਿਰਫ਼ ਘੁਟਾਲਿਆਂ ਦੀ ਸਰਕਾਰ ਹੈ। ਇਨ੍ਹਾਂ ਆਗੂਆਂ ਵੱਲੋਂ ਕਾਂਗਰਸ ਦੇ ਹਰ ਮੰਤਰੀ, ਵਿਧਾਇਕ ਤੇ ਹਰ ਵਰਕਰ ‘ਤੇ ਵੱਡੇ ਘੁਟਾਲੇ ਕਰਨ ਦੇ ਇਲਜ਼ਾਮ ਲਗਾਏ ਗਏ ਹਨ।
ਇਨ੍ਹਾਂ ਆਪ ਆਗੂਆਂ ਦਾ ਕਹਿਣਾ ਹੈ, ਕਿ ਮੁਹਾਲੀ ‘ਚ ਹੋਏ ਲੈਂਡ ਸਕੈਮ ਘੁਟਾਲੇ ਦੇ ‘ਚ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਮੁੱਖ ਮੁਲਜ਼ਮ ਹਨ। ਆਮ ਆਦਮੀ ਪਾਰਟੀ ਵੱਲੋਂ ਸੁੰਦਰ ਸ਼ਾਮ ਅਰੋੜਾ ਨੂੰ ਕੈਬਨਿਟ ‘ਚੋਂ ਬਰਖਾਸਤ ਕਰਨ ਦੀ ਮੰਗ ਕੀਤੀ ਗਈ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਨੂੰ ਚਿੰਤਾਵਨੀ ਦਿੰਦੇ ਕਿਹਾ, ਕਿ ਜੇਕਰ ਸਰਕਾਰ ਨੇ ਜਲਦ ਹੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਕੈਬਨਿਟ ਵਿੱਚੋਂ ਬਰਖਾਸਤ ਨਹੀਂ ਕੀਤਾ, ਤਾਂ ਆਮ ਆਦਮੀ ਪਾਰਟੀ ਵੱਡੇ ਪੱਧਰ ‘ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰੇਗੀ। ਤੇ ਨਾਲ ਹੀ ਸੁੰਦਰ ਸ਼ਾਮ ਅਰੋੜਾ ਦੀ ਕੋਠੀ ਦੇ ਬਾਹਰ ਪੱਕੇ ਤੌਰ ‘ਤੇ ਧਰਨਾ ਪ੍ਰਦਰਸ਼ਨ ਕਰੇਗੀ।
ਇਹ ਵੀ ਪੜੋ:ਸੈਣੀ ਦੀ ਰਿਹਾਈ ‘ਤੇ ਸੁੱਖੀ ਰੰਧਾਵਾ ਨੇ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ