ਗੜਸ਼ੰਕਰ: ਕੋਰੋਨਾ ਵਾਇਰਸ ਨਾਲ ਪੈਦਾ ਹੋਈ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਜਿੱਥੇ ਸਰਕਾਰ ਕਈ ਤਰ੍ਹਾਂ ਦੇ ਯਤਨ ਕਰ ਰਹੀ ਹੈ। ਉੱਥੇ ਹੀ ਇਸ ਵਾਇਰਸ ਨਾਲ ਨਜਿੱਠਣ ਲਈ ਸਰਕਾਰ ਦੀਆਂ ਨਿਤੀਆਂ ਬਾਰੇ ਗੜਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਨੇ ਕਈ ਸਵਾਲ ਚੁੱਕੇ ਹਨ।
ਵਿਧਾਇਕ ਰੋੜੀ ਨੇ ਕਿਹਾ ਕਿ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਨੇ ਜੋ ਵੀ ਫੈਸਲਾ ਇਸ ਬਿਮਾਰੀ ਖ਼ਿਲਾਫ਼ ਲਿਆ ਹੈ, ਉਹ ਉਸ ਫੈਸਲੇ ਦੇ ਨਾਲ ਹਨ। ਇਸੇ ਨਾਲ ਹੀ ਉਨ੍ਹਾਂ ਸਰਕਾਰ ਦੀ ਕਾਰਜਸ਼ੈਲੀ 'ਤੇ ਸਵਾਲ ਵੀ ਖੜ੍ਹੇ ਕੀਤੇ ਹਨ।
ਉਨ੍ਹਾਂ ਆਖਿਆ ਕਿ ਸਰਕਾਰ ਨੇ ਪਹਿਲਾ ਹੀ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਦੀ ਸਹੀ ਤਰੀਕੇ ਨਾਲ ਜਾਂਚ ਕੀਤੀ ਹੁੰਦੀ ਤਾਂ ਇਹ ਦਿਨ ਨਾ ਵੇਖਣਾ ਪੈਂਦਾ। ਉਨ੍ਹਾਂ ਕਿਹਾ ਕਿ ਇਸ ਸਭ ਦੇ ਬਾਵਜੂਦ ਵੀ ਅੱਜ ਪੰਜਾਬ ਦੀਆਂ ਸਿਹਤ ਸੇਵਾਵਾਂ ਇਸ ਵਾਇਰਸ ਦਾ ਟਾਕਰਾਂ ਨਹੀਂ ਕਰ ਪਾ ਰਹੀਆਂ। ਉਨ੍ਹਾਂ ਕਿਹਾ ਕਿ ਸੂਬੇ ਵਿੱਚਲੇ ਹਸਪਤਾਲਾਂ 'ਚ ਟੈਸਟ ਦੀ ਸਹੂਲਤ ਸਹੀ ਤਰੀਕੇ ਨਾਲ ਉਪਲਬਧ ਨਹੀਂ ਹੈ।
ਇਸੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਦੇ ਆਂਗਵਾੜੀ ਤੇ ਆਸ਼ਾ ਵਰਕਰਾਂ ਨੂੰ ਸ਼ੱਕੀ ਮਰੀਜ਼ਾਂ ਦੀ ਰਿਪੋਰਟ ਦੇਣ ਦੇ ਫੈਸਲੇ 'ਤੇ ਵੀ ਸਵਾਲ ਚੁੱਕਦੇ ਕਿਹਾ ਕਿ ਉਨ੍ਹਾਂ ਨੂੰ ਹਾਲੇ ਤੱਕ ਪੂਰੇ ਉਪਕਰਨ ਨਹੀਂ ਦਿੱਤੇ ਗਏ। ਜੋ ਕਿ ਸਰਕਾਰ ਦੀ ਕਾਰਜਸ਼ੈਲੀ ਦੀ ਪੋਲ ਖੋਲ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਸਰਕਾਰ ਦੇ ਫੈਸਲੇ ਦੇ ਨਾਲ ਹਨ ਪਰ ਸਰਕਾਰ ਨੂੰ ਵੀ ਸੱਚੀ ਨੀਅਤ ਨਾਲ ਇਸ ਵਾਇਰਸ ਨਾਲ ਨਜਿੱਠਣਾ ਚਾਹੀਦਾ ਹੈ।