ਹੁਸ਼ਿਆਰਪੁਰ: ਪਿਛਲੇ ਦਿਨੀਂ ਪਰਮਜੀਤ ਸਿੰਘ ਸੈਣੀ ਨਾਂਅ ਦੇ ਵਪਾਰੀ ਦੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਦਸੂਹਾ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਸੀਸੀਟੀਵੀ ਫੁਟੇਜ ਲੈ ਕੇ ਲੋਕਲ ਇੰਟੈਲੀਜੈਂਸ ਦੀ ਮਦਦ ਨਾਲ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਦਸੂਹਾ ਅਨਿਲ ਭਨੋਟ ਨੇ ਦੱਸਿਆ ਕਿ ਇਸ ਕਤਲ ਦੀ ਵਾਰਦਾਤ ਵਿੱਚ ਸ਼ਾਮਿਲ ਇੱਕ ਦੋਸ਼ੀ ਭੁਪਿੰਦਰ ਸਿੰਘ ਉਰਫ਼ ਭਿੰਦਾ ਪੁੱਤਰ ਸਰਦਾਰ ਸਿੰਘ ਵਾਸੀ ਪਿੰਡ ਜੱਡੌਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਭੁਪਿੰਦਰ ਸਿੰਘ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸ ਨੇ ਇਸ ਵਾਰਦਾਤ ਨੂੰ ਆਪਣੇ ਦੋ ਸਾਥੀਆਂ ਜੱਸੀ ਅਤੇ ਪਾਰੂ ਵਾਸੀ ਨਵਾਂਸ਼ਹਿਰ ਨਾਲ ਮਿਲ ਕੇ ਅੰਜਾਮ ਦਿੱਤਾ ਸੀ। ਭੁਪਿੰਦਰ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ 5 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਬਾਕੀ ਦੋਸ਼ੀਆਂ ਦੀ ਭਾਲ ਜਾਰੀ ਹੈ।
ਭਨੋਟ ਨੇ ਦੱਸਿਆ ਕਿ ਇਸ ਵਾਰਦਾਤ ਪਿੱਛੇ ਮੁਲਜ਼ਮਾਂ ਦਾ ਮੁੱਖ ਮਕਸਦ ਕਤਲ ਕੀਤੇ ਗਏ ਪਰਮਜੀਤ ਸਿੰਘ ਸੈਣੀ ਕੋਲੋਂ ਉਸ ਦਾ ਲਾਇਸੈਂਸੀ ਰਿਵਾਲਵਰ ਖੋਹਣਾ ਸੀ, ਜਿਸ ਵਿੱਚ ਉਹ ਕਾਮਯਾਬ ਰਹੇ।
ਉਨ੍ਹਾਂ ਇਹ ਵੀ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਭੁਪਿੰਦਰ ਸਿੰਘ ਭਿੰਦਾ ਅਤੇ ਬਾਕੀ ਦੋਵੇਂ ਦੋਸ਼ੀਆਂ 'ਤੇ ਪਹਿਲਾਂ ਵੀ ਕਈ ਮੁੱਕਦਮੇ ਦਰਜ ਹਨ।