ਹੁਸ਼ਿਆਰਪੁਰ: ਹਲਕਾ ਗੜ੍ਹਸ਼ੰਕਰ ਅਧੀਨ ਆਉਂਦੇ ਪਿੰਡ ਪੱਖੋਵਾਲ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਪਿੰਡ ਦੇ ਹੀ ਇਕ ਖੇਤ 'ਚੋਂ ਅੱਠ ਗਊਆਂ ਮਰੀਆਂ ਹੋਈਆਂ ਮਿਲੀਆਂ।ਘਟਨਾ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ।
ਗਊਆਂ ਦੇ ਸਰੀਰ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਅਤੇ ਗੋਲੀ ਲੱਗਣ ਦੇ ਨਿਸ਼ਾਨ ਮਿਲੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਾਇਬ ਤਹਿਸੀਲਦਾਰ ਧਰਮਿੰਦਰ ਸਿੰਘ ਨੇ ਕਿਹਾ ਕਿ ਵੈਟਰਨਰੀ ਡਾਕਟਰਾਂ ਦੀ ਟੀਮ ਵੱਲੋਂ ਗਊਆਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਰਿਪੋਰਟ ਵੀ ਲੈਬੋਰਟਰੀ ਨੂੰ ਭੇਜੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੁਲੀਸ ਅਧਿਕਾਰੀਆਂ ਵੱਲੋਂ ਬੇਹੱਦ ਗੰਭੀਰਤਾ ਨਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਪਿੱਛੇ ਜਿਸ ਵਿਅਕਤੀ ਦਾ ਵੀ ਹੱਥ ਹੋਵੇਗਾ, ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਵੱਖ-ਵੱਖ ਹਿੰਦੂ ਸੰਗਠਨਾਂ ਦੇ ਆਗੂ ਵੀ ਵੱਡੀ ਗਿਣਤੀ 'ਚ ਘਟਨਾ ਸਥਾਨ 'ਤੇ ਪਹੁੰਚ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਿਵ ਸੈਨਾ ਹਿੰਦ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ ਨੇ ਕਿਹਾ ਕਿ ਹਿੰਦੂ ਸੰਗਠਨਾਂ ਵੱਲੋਂ ਪ੍ਰਸ਼ਾਸਨ ਨੂੰ ਸੋਮਵਾਰ ਦਸ ਵਜੇ ਤੱਕ ਦੋਸ਼ੀਆਂ ਨੂੰ ਕਾਬੂ ਕਰਨ ਦੀ ਅਪੀਲ ਕੀਤੀ ਗਈ ਹੈ। ਜੇ ਅਜਿਹਾ ਨਹੀਂ ਹੁੰਦਾ ਤਾਂ ਹਿੰਦੂ ਸੰਗਠਨਾਂ ਵੱਲੋਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।