ਹੁਸ਼ਿਆਰਪੁਰ: ਵੱਖ-ਵੱਖ ਮਹਿਕਮਿਆਂ 'ਚ ਠੇਕੇ 'ਤੇ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਵੱਲੋਂ ਨਗਰ ਨਿਗਮ ਹੁਸ਼ਿਆਰਪੁਰ ਸਾਹਮਣੇ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਰੋਹ ਵਿੱਚ ਆਏ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਜਮ ਕੇ ਮੁਰਦਾਬਾਦ ਦੇ ਨਾਅਰੇ ਲਾਏ ਗਏ।
ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਦੇ ਪਿੱਛੇ ਕਾਫ਼ੀ ਲੰਬੇ ਸਮੇਂ ਤੋਂ ਸਰਕਾਰ ਵੱਲੋਂ ਪੱਕੇ ਕਰਨ ਦੀਆਂ ਦਲੀਲਾਂ ਦਿੱਤੀਆਂ ਜਾ ਰਹੀਆਂ ਹਨ, ਪਰ ਅੱਜ ਤੱਕ ਉਨ੍ਹਾਂ ਨੂੰ ਸਿਵਾਏ ਲਾਰਿਆਂ ਤੋਂ ਹੋਰ ਕੁੱਝ ਵੀ ਪੱਲੇ ਨਹੀਂ ਪਿਆ।
ਉਨ੍ਹਾਂ ਕਿਹਾ ਕਿ ਜਿੰਨੀ ਉਨ੍ਹਾਂ ਦੀ ਤਨਖ਼ਾਹ ਹੈ, ਉਸ ਨਾਲ ਤਾਂ ਘਰ ਦਾ ਗੁਜ਼ਾਰਾ ਕਰਨਾ ਬੇਹੱਦ ਮੁਸ਼ਕਿਲ ਹੋਇਆ ਪਿਆ ਹੈ। ਉਨ੍ਹਾਂ ਵੱਲੋਂ ਵਾਰ-ਵਾਰ ਅਪੀਲਾਂ ਕਰਨ ਦੇ ਬਾਵਜੂਦ ਵੀ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ।
ਇਸ ਕਾਰਨ ਮੁਲਾਜ਼ਮਾਂ ਵੱਲੋਂ ਗੁੱਸੇ ਵਿੱਚ ਆ ਕੇ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਇਸ ਤੋਂ ਵੀ ਤਿੱਖਾ ਸੰਘਰਸ਼ ਕਰ ਕੇ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਇਆ ਜਾਵੇਗਾ।