ਗੜ੍ਹਸ਼ੰਕਰ: ਮੁੱਖ ਬੱਸ ਅੱਡੇ ‘ਤੇ ਸੰਯੁਕਤ ਮੋਰਚੇ ਦੇ ਫੈਸਲੇ ਅਨੁਸਾਰ ਨਵੇਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾਈ ਆਗੂ ਦਰਸ਼ਨ ਸਿੰਘ ਮੱਟੂ ਦੀ ਅਗਵਾਈ ‘ਚ ਪਹੁੰਚੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਆਪਣਾ ਰੋਸ ਪ੍ਰਗਟ ਕੀਤਾ।
ਇਸ ਮੌਕੇ ਦਰਸ਼ਨ ਸਿੰਘ ਮੱਟੂ ਨੇ ਕਿਹਾ, ਕਿ ਜਦੋਂ ਤੱਕ ਤਿੰਨੇ ਖੇਤੀ ਵਿਰੋਧੀ ਕਾਨੂੰਨ ਰੱਦ ਨਹੀਂ ਹੁੰਦੇ ਅਤੇ ਐੱਮ.ਐੱਸ.ਪੀ. ਨੂੰ ਕਾਨੂੰਨੀ ਦਰਜਾ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ। ਇਸ ਦੇ ਨਾਲ ਹੀ ਕਿਸਾਨਾਂ ‘ਤੇ ਹਰ ਸੂਬੇ ‘ਚ ਦਰਜ ਪੁਲਿਸ ਮਾਮਲੇ ਰੱਦ ਕਰਨ ਦੀ ਵੀ ਕਿਸਾਨਾਂ ਵੱਲੋਂ ਮੰਗ ਕੀਤੀ ਗਈ ਹੈ।
ਕਿਸਾਨ ਆਗੂਆਂ ਨੇ ਕਿਹਾ, ਕਿ ਦੇਸ਼ ਦਾ ਅੰਨਦਾਤਾ ਪਿਛਲੇ ਕਈ ਮਹੀਨਿਆਂ ਤੋਂ ਇਨ੍ਹਾਂ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ‘ਚ ਵੱਖ-ਵੱਖ ਥਾਵਾਂ ‘ਤੇ ਪ੍ਰਦਰਸ਼ਨ ਕਰ ਰਿਹਾ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਦੇ ਬਾਰਡਰਾਂ ‘ਤੇ 26 ਨਵੰਬਰ ਤੋਂ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕੇਂਦਰ ਸਰਕਾਰ ਖ਼ਿਲਾਫ਼ ਧਰਨੇ ‘ਤੇ ਬੈਠੇ ਕਿਸਾਨ ਵੀ ਇਨ੍ਹਾਂ ਕਾਨੂੰਨਾਂ ਨੂੰ ਰੱਦ ਦੀ ਮੰਗ ਕਰ ਰਹੇ ਨੇ।
ਕਿਸਾਨਾਂ ਦਾ ਕਹਿਣਾ ਹੈ, ਕਿ ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਆਪਣਾ ਅੜੀਅਲ ਰੁੱਖ ਅਪਣਾ ਕੇ ਕਿਸਾਨਾਂ ਦੀਆਂ ਮੰਗਾਂ ਨੂੰ ਅਣ-ਦੇਖਿਆ ਕਰ ਰਹੀ ਹੈ। ਕੇਂਦਰ ਸਰਕਾਰ ਨੂੰ ਚਿੰਤਾਵਨੀ ਦਿੰਦਿਆ ਕਿਸਾਨ ਆਗੂਆਂ ਨੇ ਕਿਹਾ, ਕਿ ਆਉਣ ਵਾਲੇ ਸਮੇਂ ‘ਚ ਇਸ ਰੁੱਖ ਦਾ ਮੋਦੀ ਸਰਕਾਰ ਨੂੰ ਭਾਰੀ ਖਮਿਆਜ਼ਾ ਭੁਗਤਣਾ ਪੇਵਗਾ।