ਹੁਸ਼ਿਆਰਪੁਰ: ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਸੰਘਰਸ਼ ਦੌਰਾਨ ਕਈ ਕਿਸਾਨ ਆਪਣੀ ਜਾਨ ਵੀ ਗੁਆ ਚੁੱਕੇ ਹਨ। ਖੇਤੀ ਕਾਨੂੰਨਾਂ ਨੂੰ ਲੈਕੇ ਚੱਲ ਰਹੇ ਸੰਘਰਸ਼ ਦੇ ਨਾਲ-ਨਾਲ ਕਿਸਾਨਾਂ ਵਲੋਂ ਭਾਜਪਾ ਆਗੂਆਂ ਦਾ ਵੀ ਨਿਰੰਤਰ ਵਿਰੋਧ ਕੀਤਾ ਜਾ ਰਿਹਾ ਹੈ, ਕਿਉਂਕਿ ਕਿਸਾਨਾਂ ਦਾ ਕਹਿਣਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤੱਕ ਕਿਸਾਨੀ ਸੰਘਰਸ਼ ਦੇ ਨਾਲ-ਨਾਲ ਭਾਜਪਾ ਦਾ ਵਿਰੋਧ ਜਾਰੀ ਰਹੇਗਾ।
ਇਸ ਸਭ ਦੇ ਚੱਲਦਿਆਂ ਹੁਸ਼ਿਆਰਪੁਰ 'ਚ ਭਾਜਪਾ ਦੇ ਕੌਮੀ ਬੁਲਾਰੇ ਇਕਬਾਲ ਸਿੰਘ ਲਾਲਪੁਰਾ ਪਹੁੰਚੇ ਸਨ, ਜਦੋਂ ਇਸ ਬਾਬਤ ਕਿਸਾਨਾਂ ਨੂੰ ਸੂਚਨਾ ਮਿਲੀ ਤਾਂ ਉਨ੍ਹਾਂ ਵਲੋਂ ਕਾਲੀਆਂ ਝੰਡੀਆਂ ਲੈਕੇ ਭਾਜਪਾ ਦੇ ਕੌਮੀ ਬੁਲਾਰੇ ਇਕਬਾਲ ਸਿੰਘ ਲਾਲਪੁਰਾ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਦੇ ਚੱਲਦਿਆਂ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਤੇ ਭਾਰਤੀ ਪੁਲਿਸ ਬਲ ਤੈਨਾਤ ਕਰਕੇ ਕਿਸਾਨਾਂ ਨੂੰ ਰੋਕਿਆ ਗਿਆ। ਪੁਲਿਸ ਵਲੋਂ ਸੁਰੱਖਿਆ ਦੇ ਚੱਲਦਿਆਂ ਦੁਸ਼ਹਿਰਾ ਗਰਾਊਂਡ ਨਜ਼ਦੀਕ ਸੜਕ ਨੂੰ ਬੰਦ ਕਰ ਦਿੱਤਾ ਗਿਆ, ਜਿਸ ਕਾਰਨ ਰਾਹਗੀਰਾਂ ਨੂੰ ਵੀ ਸੜਕ ਬੰਦ ਹੋਣ ਕਾਰਨ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।