ਗੜ੍ਹਸ਼ੰਕਰ: ਨੰਗਲ ਰੋਡ ‘ਤੇ ਸਥਿਤ ਸ਼ਾਹਪੁਰ ਘਾਟੇ ਨੇੜੇ ਇੱਕ ਬਜ਼ੁਰਗ ਦੀ ਲਾਸ਼ ਬਰਾਮਦ ਹੋਈ ਹੈ। ਜਾਣਕਾਰੀ ਮੁਤਾਬਿਕ ਮ੍ਰਿਤਕ ਦੀ ਉਮਰ 67 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਬਲਬੀਰ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਪਿੰਡ ਸ਼ਾਹਪੁਰ ਦੇ ਸਾਬਕਾ ਸਰਪੰਚ ਜਸਵੰਤ ਸਿੰਘ ਨੇ ਦੱਸਿਆ, ਕਿ ਉਨ੍ਹਾਂ ਦੇ ਪਿਤਾ ਬਲਬੀਰ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਸ਼ਾਹਪੁਰ ਥਾਣਾ ਗੜਸ਼ੰਕਰ ਵੀਰਵਾਰ ਨੂੰ ਬਾਅਦ ਦੁਪਹਿਰ 3 ਵਜੇ ਦੇ ਕਰੀਬ ਘਰੋਂ ਮੋਟਰਸਾਈਕਲ 'ਤੇ ਗਏ। ਦੇਰ ਸ਼ਾਮ ਤੱਕ ਘਰ ਨਾ ਪਰਤਣ 'ਤੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਭਾਲ ਸ਼ੁਰੂ ਕੀਤੀ, ਪਰ ਉਨ੍ਹਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ।
ਫਿਰ ਦੇਰ ਰਾਤ ਨਹਿਰ ਦੇ ਪੁਲ ‘ਤੇ ਮ੍ਰਿਤਕ ਦਾ ਮੋਟਰਸਾਈਕਲ ਖੜ੍ਹਾ ਦਿਖਾਈ ਦਿੱਤਾ, ਤੇ ਮ੍ਰਿਤਕ ਦੀ ਲਾਸ਼ ਨਹਿਰ ਵਿੱਚ ਤੈਰ ਰਹੀ ਸੀ। ਜਦੋਂ ਮ੍ਰਿਤਕ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ ਗਿਆ, ਤਾਂ ਮ੍ਰਿਤਕ ਦੇ ਸਿਰ ਵਿੱਚ ਸੱਟ ਲੱਗੀ ਹੋਈ ਸੀ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਮੁਤਾਬਿਕ ਬਲਬੀਰ ਸਿੰਘ ਦਾ ਕਤਲ ਕੀਤਾ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਨਹਿਰ ਵਿੱਚ ਸੁੱਟ ਦਿੱਤਾ। ਪੀੜਤ ਪਰਿਵਾਰ ਨੇ ਨਿੱਜੀ ਰੰਜ਼ਿਸ਼ ਕਾਰਨ ਕਤਲ ਕਰਨ ਦੇ ਇਲਜ਼ਾਮ ਲਾਏ ਗਏ ਹਨ।
ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੇ ਐੱਸ.ਐੱਚ.ਓ. ਇਕਬਾਲ ਸਿੰਘ ਨੇ ਕਿਹਾ, ਕਿ ਮ੍ਰਿਤਕ ਬਲਬੀਰ ਸਿੰਘ ਨੂੰ ਦਿਲ ਦਾ ਦੌਰਾ ਪੈਣ ਕਰਕੇ ਉਨ੍ਹਾਂ ਦੀ ਮੌਤ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜਿਸ ਤੋਂ ਬਾਅਦ ਘਟਨਾ ਦੀ ਸਾਰੀ ਤਸਵੀਰ ਸਾਫ਼ ਹੋ ਜਾਵੇਗੀ।