ਹੁਸ਼ਿਆਰਪੁਰ: ਹੁਣ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਇੱਕ ਵਾਰ ਫੇਰ ਵਿਵਾਦਾਂ ਦੇ ਵਿੱਚ ਆਈ ਹੈ। ਜੇਲ੍ਹ ਚ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਦੋ ਗੁੱਟਾਂ ਦੇ ਵਿਚਕਾਰ ਖੂਨੀ ਝੜਪ ਹੋ ਗਈ। ਇਸ ਖੂਨੀ ਝੜਪ ‘ਚ ਦੋ ਨੌਜਵਾਨ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਤੁਰੰਤ ਜੇਲ੍ਹ ਪ੍ਰਸ਼ਾਸਨ ਵੱਲੋਂ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਨੌਜਵਾਨ ਹਰਜਿੰਦਰਪਾਲ ਜੋ ਕਿ ਤਿੰਨ ਸੌ ਸੱਤ ਦੇ ਮਾਮਲੇ ‘ਚ ਜੇਲ੍ਹ ਵਿੱਚ ਬੰਦ ਹੈ ਅਤੇ ਦੂਸਰਾ ਨੌਜਵਾਨ ਰਮਨ ਕੁਮਾਰ ਜੋ ਕਿ ਕਤਲ ਦੇ ਮਾਮਲੇ ‘ਚ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ ਨੇ ਦੱਸਿਆ ਕਿ ਉਹ ਸੁੱਤੇ ਪਏ ਸਨ ਅਤੇ ਇਸ ਦੌਰਾਨ ਕੇਂਦਰੀ ਜੇਲ੍ਹ ‘ਚ ਬੰਦ ਇੱਕ ਹੋਰ ਗੈਂਗ ਦੇ ਮੈਂਬਰਾਂ ਵੱਲੋਂ ਉਨ੍ਹਾਂ ‘ਤੇ ਹਮਲਾ ਕਰ ਦਿੱਤਾ ਗਿਆ ਜਿਸ ਕਾਰਨ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਦੀ ਦੂਜੇ ਗੁੱਟ ਨਾਲ ਕੋਈ ਗੱਲਬਾਤ ਹੋਈ ਸੀ ਇਸ ਰੰਜਿਸ਼ ਕਾਰਨ ਹੀ ਉਨ੍ਹਾਂ ਵਲੋਂ ਉਨ੍ਹਾਂ ਉੱਪਰ ਹਮਲਾ ਕੀਤਾ ਗਿਆ।
ਇਸ ਮੌਕੇ ਗੰਭੀਰ ਜ਼ਖਮੀ ਹੋਏ ਨੌਜਵਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ ਹੀ ਆਪਣੇ ‘ਤੇ ਹਮਲੇ ਦੀ ਸ਼ੰਕਾ ਸੀ। ਇਸ ਸਬੰਧੀ ਉਨ੍ਹਾਂ ਵੱਲੋਂ ਜੇਲ੍ਹ ਦੇ ਡਿਪਟੀ ਸੁਪਰਡੈਂਟ ਹਰਭਜਨ ਸਿੰਘ ਨੂੰ ਬੇਨਤੀ ਪੱਤਰ ਵੀ ਦਿੱਤਾ ਹੋਇਆ ਸੀ ਕਿ ਉਨ੍ਹਾਂ ਨੂੰ ਕਿਸੇ ਹੋਰ ਜੇਲ੍ਹ ‘ਚ ਬਦਲਿਆ ਜਾਵੇ ਪਰ ਉਨ੍ਹਾਂ ਦੀ ਸੁਣਵਾਈ ਵੱਲ ਧਿਆਨ ਨਹੀਂ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਦੋਂ ਕਿ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਸੁਰਖੀਆਂ ‘ਚ ਆਈ ਹੋਵੇ ਇਸ ਤੋਂ ਪਹਿਲਾਂ ਵੀ ਜੇਲ੍ਹ ‘ਚ ਲੜਾਈ ਝਗੜੇ ਹੋਣ ਦੇ ਮਾਮਲੇ ਸਾਹਮਣੇ ਆਉਂਦੇ ਰਹੇ ਹਨ।
ਇਹ ਵੀ ਪੜ੍ਹੋ:ਬੈਂਸ ਦੀ ਗ੍ਰਿਫ਼ਤਾਰੀ ਨੂੰ ਲੈਕੇ ਅਕਾਲੀ ਦਲ ਨੇ ਮੰਤਰੀ ਆਸ਼ੂ ਦੇ ਘਰ ਦਾ ਕੀਤਾ ਘਿਰਾਓ