ਹੁਸ਼ਿਆਰਪੁਰ: ਸੂਬੇ ਵਿੱਚ ਸਤੰਬਰ 2019 ਵਿੱਚ ਲਗਾਏ ਗਏ ਮੈਗਾ ਰੋਜ਼ਗਾਰ ਮੇਲਿਆ ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਨੇ 136.74 ਫੀਸਦੀ ਟੀਚਾ ਪ੍ਰਾਪਤ ਕਰਦੇ ਹੋਏ ਪੰਜਾਬ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ। ਇਸ ਬੇਹਤਰੀਨ ਕਾਰਗੁਜ਼ਾਰੀ ਲਈ ਡਾਇਰੈਕਟਰ, ਰੋਜ਼ਗਾਰ ਜਨਰੇਸ਼ਨ ਤੇ ਟਰੇਨਿੰਗ ਵਿਭਾਗ ਪੰਜਾਬ ਵਲੋਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਟੀਮ ਦੀ ਹੌਂਸਲਾ ਅਫਜਾਈ ਕਰਦਿਆਂ ਕਿਹਾ ਕਿ ਵਿਭਾਗ ਵਲੋਂ ਨੌਜਵਾਨਾਂ ਨੂੰ ਸਹੀ ਦਿਸ਼ਾ ਦਿਖਾਉਣ ਲਈ ਕਾਫ਼ੀ ਮਿਹਨਤ ਕੀਤੀ ਗਈ ਅਤੇ ਲਗਾਤਾਰ ਕੈਰੀਅਰ ਕੌਂਸਲਿੰਗ ਦੇ ਨਾਲ-ਨਾਲ ਪਲੇਸਮੈਂਟ ਕੈਂਪ ਵੀ ਲਗਾਏ ਗਏ, ਜਿਸ ਦੇ ਚੱਲਦਿਆਂ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲੇ।
ਈਸ਼ਾ ਕਾਲੀਆ ਨੇ ਦੱਸਿਆ ਕਿ ਇਸੇ ਲੜੀ ਨੂੰ ਅੱਗੇ ਵਧਾਉਂਦੇ ਹੋਏ 21 ਨਵੰਬਰ ਨੂੰ ਐਸ.ਪੀ.ਐਨ.ਕਾਲਜ ਮੁਕੇਰੀਆਂ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇਸ ਰੋਜ਼ਗਾਰ ਮੇਲੇ ਵਿੱਚ ਅੱਠਵੀਂ ਪਾਸ ਤੋਂ ਲੈ ਕੇ ਵੱਧ ਤੋਂ ਵੱਧ ਯੋਗਤਾਵਾਂ ਵਾਲੇ ਪ੍ਰਾਰਥੀ ਵੀ ਹਿੱਸਾ ਲੈ ਸਕਦੇ ਹਨ। ਇਸ ਤੋਂ ਇਲਾਵਾ ਜਿਹੜੇ ਪ੍ਰਾਰਥੀ ਲੋਨ ਲੈ ਕੇ ਕੰਮ ਧੰਦਾ ਸ਼ੁਰੂ ਕਰਨਾ ਚਾਹੁੰਦੇ ਹਨ ਉਹ ਵੀ ਇਸ ਰੋਜ਼ਗਾਰ ਮੇਲੇ ਵਿੱਚ ਸ਼ਾਮਲ ਹੋ ਸਕਦੇ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਤੰਬਰ 2019 ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 19 ਤੋਂ ਲੈ ਕੇ 30 ਸਤੰਬਰ ਤੱਕ ਮੈਗਾ ਰੋਜ਼ਗਾਰ ਮੇਲੇ ਲਗਾਏ ਗਏ ਸਨ, ਜਿਸ ਦੌਰਾਨ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੀ ਅਗਵਾਈ ਵਿੱਚ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਨੇ ਬੇਹਤਰੀਨ ਕਾਰਗੁਜ਼ਾਰੀ ਦਿਖਾਉਂਦੇ ਹੋਏ ਸੂਬੇ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ।