ਹੁਸ਼ਿਆਰਪੁਰ: ਪੰਚਾਇਤਾਂ ਦੀ ਪਹਿਲਕਦਮੀ ਸਦਕਾ ਨਸ਼ਾ ਮੁਕਤ ਐਲਾਨੇ ਗਏ ਪਿੰਡਾਂ ਲਈ ਜ਼ਿਲ੍ਹਾ ਪ੍ਰਸਾਸ਼ਨ ਨੇ ਇੱਕ ਅਹਿਮ ਪਹਿਲ ਕੀਤੀ ਹੈ। ਡਿਪਟੀ ਕਮਿਸ਼ਨਰ ਵਲੋਂ ਇੰਨ੍ਹਾਂ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦਾ ਮੁੱਖ ਮੰਤਵ ਇਹ ਰਿਹਾ ਕਿ ਪਿੰਡ ਵਾਸੀਆਂ ਦੀ ਹੌਂਸਲਾ ਅਫਜ਼ਾਈ ਦੇ ਨਾਲ-ਨਾਲ ਸਮੱਸਿਆਵਾਂ ਦਾ ਨਿਬੇੜਾ ਵੀ ਕੀਤਾ ਜਾ ਸਕੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਸਭ ਤੋਂ ਪਹਿਲਾਂ ਪਿੰਡ ਟੱਪਾ ਵਿਖੇ ਪਹੁੰਚੇ, ਉਪਰੰਤ ਕੋਰਟ ਅਤੇ ਕੂਕਾਨੇਟ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਚੁੱਕੇ ਇਸ ਕਦਮ ਦੀ ਸ਼ਲਾਘਾ ਕੀਤੀ।

ਉਨ੍ਹਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣਦਿਆਂ ਕਿਹਾ ਕਿ ਪਿੰਡਾਂ ਨੂੰ ਪਹਿਲ ਦੇ ਆਧਾਰ 'ਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਪਣੇ ਪਿੰਡਾਂ ਨੂੰ 'ਨਸ਼ਾ ਮੁਕਤ' ਬਣਾਉਣ ਦਾ ਚੁੱਕਿਆ ਬੀੜਾ ਇਕ ਤੰਦਰੁਸਤ ਸਮਾਜ ਸਿਰਜਣ ਲਈ ਸਹਾਈ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪਿੰਡਾਂ ਨੂੰ 26 ਜਨਵਰੀ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।

ਉਨ੍ਹਾਂ ਪਿੰਡ ਵਾਸੀਆਂ ਨੂੰ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ, ਸਰਬੱਤ ਸਿਹਤ ਬੀਮਾ ਯੋਜਨਾ, ਘਰ-ਘਰ ਰੋਜ਼ਗਾਰ ਯੋਜਨਾ ਸਮੇਤ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਵੀ ਦਿੱਤੀ। ਡਿਪਟੀ ਕਮਿਸ਼ਨਰ ਨੇ ਪਿੰਡਾਂ ਦੀਆਂ ਸਮੱਸਿਆਵਾਂ ਸੰਬੰਧੀ ਜ਼ਿਲ੍ਹਾ ਵਿਕਾਸ 'ਤੇ ਪੰਚਾਇਤ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਇੰਨ੍ਹਾਂ ਪਿੰਡਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਸੰਬੰਧੀ ਸੂਚਨਾ ਦੇਣ ਲਈ ਐਸ.ਟੀ.ਐਫ/ਨਾਰਕੋਟਿਕਸ ਸੈਲ ਹੁਸ਼ਿਆਰਪੁਰ ਦੇ ਹੈਲਪਲਾਈਨ ਨੰਬਰ-181 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਅਤੇ ਪਤਾ ਬਿਲਕੁੱਲ ਗੁਪਤ ਰੱਖਿਆ ਜਾਵੇਗਾ।ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।