ਗੜ੍ਹਸ਼ੰਕਰ: ਸਾਂਝਾ ਅਧਿਆਪਕ ਮੋਰਚਾ ਗੜ੍ਹਸ਼ੰਕਰ ਵੱਲੋਂ ਬੰਗਾ ਚੌਂਕ ਵਿਖੇ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ ਅਤੇ ਡੀ.ਐੱਸ.ਪੀ ਸਤਵਿੰਦਰ ਸਿੰਘ ਚੱਡਾ ਦਾ ਪੁਤਲਾ ਸਾੜਿਆ ਗਿਆ। ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਦਾ ਕਹਿਣਾ ਹੈ, ਕਿ ਬੀਤੇ ਦਿਨੀਂ ਪੰਜਾਬ ਯੂ.ਟੀ ਮੁਲਾਜ਼ਮ ਜਥੇਬੰਦੀਆਂ ਵੱਲੋਂ ਪੇਅ ਕਮਿਸ਼ਨ ਸਹੀ ਤਰੀਕੇ ਨਾਲ ਨਾ ਆਉਣ ਕਰਕੇ ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਹੋਰ ਮੰਗਾਂ ਦੇ ਸਬੰਧ ਵਿੱਚ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ ਨੂੰ ਮੰਗ ਪੱਤਰ ਦੇਣ ਲਈ ਪਹੁੰਚੇ ਮੁਲਾਜ਼ਮਾਂ ‘ਤੇ ਪੁਲਿਸ ਪ੍ਰਸ਼ਾਸਨ ਵੱਲੋਂ ਤਸ਼ੱਦਦ ਢਾਹਿਆ ਗਿਆ।
ਜਿਸ ਦੇ ਵਿਰੋਧ ਵਿੱਚ ਉਨ੍ਹਾਂ ਨੇ ਗੜਸ਼ੰਕਰ ਬੰਗਾ ਰੋਡ ‘ਤੇ ਕੈਬਨਿਟ ਮੰਤਰੀ ਅਤੇ ਪੁਲਿਸ ਪ੍ਰਸ਼ਾਸਨ ਦੇ ਪੁਤਲੇ ਸਾੜੇ, ਇਸ ਮੌਕੇ ਨੂੰ ਉਨ੍ਹਾਂ ਨੇ ਦੱਸਿਆ, ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋ ਮੁਲਾਜ਼ਮਾਂ ਨਾਲ ਵਾਅਦੇ ਕੀਤੇ ਹੋਏ ਸਨ। ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਹੋਇਆ।
ਜਿਸ ਕਰਕੇ ਮੁਲਾਜ਼ਮ ਜਥੇਬੰਦੀਆਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ, ਕਿ ਕੈਪਟਨ ਸਰਕਾਰ ਨੂੰ ਇਸ ਦਾ ਖਾਮਿਆਜ਼ਾ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਚੁਕਾਣਾ ਪਵੇਗਾ।
ਇਸ ਮੌਕੇ ਅਵਤਾਰ ਸਿੰਘ ਨੇ ਕਿਹਾ, ਕਿ 2022 ਦੀਆਂ ਪੰਜਾਬ ਵਿਧਾਨ ਸਭਾ ਵਿੱਚ ਵਿੱਚ ਸਾਰੇ ਮੁਲਾਜ਼ਮ ਕੈਪਟਨ ਸਰਕਾਰ ਦੇ ਖ਼ਿਲਾਫ਼ ਚੋਣ ਪ੍ਰਚਾਰ ਕਰਨਗੇ। ਇਨ੍ਹਾਂ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵਾਅਦਾ ਖ਼ਿਲਾਫ਼ੀ ਦੇ ਇਲਜ਼ਮ ਲਾਏ ਗਏ ਹਨ।