ਹੁਸ਼ਿਆਰਪੁਰ: ਜ਼ਿਲ੍ਹਾ ਹੁਸ਼ਿਆਰਪੁਰ ਦੇ ਕਮਿਊਨਿਟੀ ਹੈਲਥ ਸੈਂਟਰ 'ਚ ਅੱਜ ਕੱਲ੍ਹ ਕਾਂ ਬੋਲਦੇ ਹੋਏ ਸੁਣਾਈ ਦਿੰਦੇ ਹਨ। ਦਰਅਸਲ ਸਾਲ 2016 ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਸਰਕਾਰ ਦੇ ਸਹਿਯੋਗ ਨਾਲ ਕਰੀਬ 30 ਕਰੋੜ ਦੀ ਲਾਗਤ ਨਾਲ ਹਸਪਤਾਲ ਨੂੰ ਤਿਆਰ ਕੀਤਾ ਗਿਆ ਸੀ, ਜਿੱਥੇ ਮਰੀਜ਼ਾਂ ਲਈ ਚੰਗੇ ਪ੍ਰਬੰਧ ਕੀਤੇ ਗਏ ਸਨ। ਪਰ ਸਰਕਾਰ ਬਦਲਣ ਤੋਂ ਬਾਅਦ ਸਟਾਫ਼ ਦੀ ਕਮੀ ਹੋਣ ਕਾਰਨ ਹਸਪਤਾਲ ਦੀ ਇਮਾਰਤ ਖੰਡਰ ਵਿੱਚ ਤਬਦੀਲ ਹੋ ਰਹੀ ਹੈ।
ਇਸ ਮੌਕੇ ਸਥਾਨਕ ਲੋਕਾਂ ਨੇ ਈਟੀਵੀ ਭਾਰਤ ਨਾਲ ਗੱਲ ਕਰਦਿਆਂ ਦੱਸਿਆ ਕਿ ਸਾਲ 2016 ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਸਰਕਾਰ ਨੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਲੋਕਾਂ ਦੀ ਸੇਵਾ ਲਈ ਕਈ ਪੁਖ਼ਤਾ ਪ੍ਰਬੰਧ ਕੀਤੇ ਸਨ, ਪਰ ਜਦ ਤੋਂ ਕਾਂਗਰਸ ਸਰਕਾਰ ਸੱਤਾ ਵਿੱਚ ਆਈ ਹੈ, ਉਦੋਂ ਤੋਂ ਹੀ ਹਸਪਤਾਲ ਵਿੱਚ ਸਟਾਫ਼ ਦੀ ਕਮੀ ਹੋਣੀ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਡਾਕਟਰਾਂ, ਨਰਸਾਂ, ਕਲਰਕਾਂ ਤੇ ਡਰਾਈਵਰਾਂ ਦੀਆਂ ਅਸਾਮੀਆਂ ਖ਼ਾਲੀ ਪਈਆਂ ਹਨ।
ਇਸ ਤੋਂ ਇਲਾਵਾ ਜਦ ਐਸਐਮਓ ਨਾਲ ਇਸ ਸਬੰਧੀ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਕਈ ਖ਼ਾਲੀ ਅਸਾਮੀਆਂ ਪਈਆਂ ਹਨ, ਜਿਸ ਨੂੰ ਸਮੇਂ ਸਿਰ ਭਰਨਾ ਬਹੁਤ ਜ਼ਰੂਰੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਮਿਊਨਿਟੀ ਹੈਲਥ ਸੈਂਟਰ ਵਿੱਚ ਕਿਸੇ ਪ੍ਰਕਾਰ ਦੀ ਸੁੱਖ ਸੁਵਿਧਾ ਨਾ ਮਿਲਣ ਕਾਰਨ ਮਰੀਜ਼ ਨੇੜਲੇ ਪ੍ਰਾਈਵੇਟ ਹਸਪਤਾਲਾਂ ਵਿੱਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਐਂਬੂਲੈਂਸ ਦੀ ਵੀ ਸੁਵਿਧਾ ਨਹੀਂ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਸਟਾਫ਼ ਦੀ ਕਮੀ ਨੂੰ ਪੂਰਾ ਕੀਤਾ ਜਾਵੇ ਤਾਂ ਜੋ ਗਰੀਬ ਲੋਕਾਂ ਦੀ ਮਦਦ ਹੋ ਸਕੇ।