ਹੁਸ਼ਿਆਰਪੁਰ: ਭਾਜਪਾ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਨਿਪੁੰਨ ਸ਼ਰਮਾ ਦਾ ਤਾਜਪੋਸ਼ੀ ਸਮਾਗਮ ਸੋਮਵਾਰ ਨੂੰ ਹੁਸ਼ਿਆਰਪੁਰ ਵਿਖੇ ਭਾਜਪਾ ਦੇ ਸ਼ਾਸਤਰੀ ਮਾਰਕੀਟ ਸਥਿਤ ਦਫ਼ਤਰ ਵਿਖੇ ਕਰਵਾਇਆ ਗਿਆ। ਇਸ ਮੌਕੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅਤੇ ਸਾਬਕਾ ਕੈਬਿਨੇਟ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਤੀਕਸ਼ਣ ਸੂਦ ਤੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਜਦੋਂ ਤੋਂ ਦੇਸ਼ 'ਚ ਭਾਜਪਾ ਦੀ ਸਰਕਾਰ ਹੋਂਦ 'ਚ ਆਈ ਹੈ, ਉਸ ਸਮੇਂ ਤੋਂ ਹੀ ਦੇਸ਼ ਬੁਲੰਦੀਆਂ ਨੂੰ ਛੂਹ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਸਮੇਂ ਦੌਰਾਨ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਏ ਗਏ ਉਚੇਚੇ ਫੈਸਲਿਆਂ ਕਾਰਨ ਅੱਜ ਭਾਰਤ ਦੀ ਸਥਿਤੀ ਹੋਰਨਾਂ ਮੁਲਕਾਂ ਦੇ ਮੁਕਾਬਲੇ ਬਹੁਤ ਚੰਗੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ 'ਚ ਇੰਡਸਟਰੀ ਲਗਾਉਣ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ ਤੇ ਸੂਬਾ ਸਰਕਾਰ ਦੀਆਂ ਨਾਕਾਮੀਆਂ ਦੇ ਕਾਰਨ ਇੰਡਸਟਰੀ ਲਗਾਉਣ ਦਾ ਕੰਮ ਪਛੜਦਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਭਾਵੇਂ ਡਾਕਟਰਾਂ ਨੇ ਜਵਾਬ ਦੇ ਦਿੱਤਾ ਪਰ ਗੁਰੂ ਨੇ ਠੀਕ ਕੀਤਾ ਜਗਜੀਤ ਸਿੰਘ ਦਾ ਕੋਹੜ
ਇਸ ਮੌਕੇ ਗੱਲਬਾਤ ਦੌਰਾਨ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਨਿਪੁਣ ਸ਼ਰਮਾ ਨੇ ਕਿਹਾ ਕਿ ਪਾਰਟੀ ਵੱਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੇ ਵਿਸਥਾਰ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਨਗਰ ਨਿਗਮ ਚੋਣਾਂ 'ਚ ਵੀ ਭਾਜਪਾ ਵੱਲੋਂ ਸ਼ਾਨਦਾਰ ਜਿੱਤ ਹਾਸਲ ਕਰਕੇ ਮੁੜ ਮੇਅਰ ਦੀ ਕੁਰਸੀ 'ਤੇ ਕਬਜ਼ਾ ਕੀਤਾ ਜਾਵੇਗਾ।