ਹੁਸ਼ਿਆਰਪੁਰ: ਬਹੁ ਚਰਚਿਤ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਕਤਲ ਮਾਮਲੇ 'ਚ ਸਾਬਕਾ ਡੀਜੀਪੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਸਆਈਟੀ ਵੱਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਮੋਹਾਲੀ ਦੇ ਵਸਨੀਕ ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਭਾਲ ਕਰਦੀ ਹੋਈ ਐਸਆਈਟੀ ਅਤੇ ਪੰਜਾਬ ਪੁਲਿਸ ਦੀ ਟੀਮ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖੁੱਡਾ ਕੁਰਾਲਾ ਵਿਖੇ ਪਹੁੰਚੀ।
ਇਨ੍ਹਾਂ ਟੀਮਾਂ ਵੱਲੋਂ ਪਿੰਡ ਖੁੱਡਾ ਕੁਰਾਲਾ ਵਿਖੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਜੱਦੀ ਘਰ ਵਿਖੇ ਛਾਪੇਮਾਰੀ ਕੀਤੀ ਗਈ ਪਰ ਉਨ੍ਹਾਂ ਨੂੰ ਬੇਰੰਗ ਹੀ ਵਾਪਸ ਮੁੜਨਾ ਪਿਆ।
ਜ਼ਿਕਰਯੋਗ ਹੈ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ਖਾਰਜ ਕਰਨ ਤੋਂ ਬਾਅਦ ਸੁਮੇਧ ਸੈਣੀ ਵੱਲੋਂ ਸੁਪਰੀਮ ਕੋਰਟ 'ਚ ਜ਼ਮਾਨਤ ਲਈ ਅਰਜ਼ੀ ਦਾਖ਼ਲ ਕੀਤੀ ਗਈ ਹੈ ਜਿਸ 'ਤੇ ਸੋਮਵਾਰ ਨੂੰ ਸੁਣਵਾਈ ਹੋਣ ਦੀ ਸੰਭਾਵਨਾ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਭਾਰਤ ਦੇ ਸਾਬਕਾ ਅਟਾਰਨੀ ਜਨਰਲ ਮੁਕੁਲ ਰੋਹਤਗੀ ਅਤੇ ਸੀਨੀਅਰ ਐਡਵੋਕੇਟ ਏਪੀਐਸ ਦਿਓਲ ਸੁਪਰੀਮ ਕੋਰਟ 'ਚ ਸੈਣੀ ਦਾ ਪੱਖ ਰੱਖਣਗੇ।
ਦੱਸਣਯੋਗ ਹੈ ਕਿ ਮੁਲਤਾਨੀ ਅਗਵਾ ਮਾਮਲੇ 'ਚ ਸੈਣੀ 'ਤੇ ਧਾਰਾ 302 ਜੁੜਨ ਤੋਂ ਬਾਅਦ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਹੈ। ਪੁਲਿਸ ਵੱਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਰਾਜਾਂ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ ਪਰ ਉਹ ਅਜੇ ਤੱਕ ਪੁਲਿਸ ਦੀ ਪਕੜ 'ਚੋਂ ਬਾਹਰ ਹਨ।
ਇਸ ਤੋਂ ਇਲਾਵਾ ਇਕ ਹੋਰ ਥਾਂ 'ਤੇ ਵੀ ਉਨ੍ਹਾਂ ਨੁੰ ਫੜਨ ਲਈ ਛਾਪੇਮਾਰੀ ਕੀਤੀ ਗਈ। ਪਤਾ ਲੱਗਾ ਹੈ ਕਿ ਉਸ ਥਾਂ 'ਤੇ ਵੀ ਉਹ ਨਹੀ ਮਿਲੇ। ਇਸ ਤੋਂ ਬਾਅਦ ਐਸਆਈਟੀ ਪੁਲਿਸ ਟੀਮ ਵੱਲੋਂ ਟਾਂਡਾ ਥਾਣਾ ਵਿਖੇ ਸੂਚਿਤ ਵੀ ਕਰ ਦਿੱਤਾ ਗਿਆ।