ਹੁਸ਼ਿਆਰਪੁਰ: ਜ਼ਿਲ੍ਹੇ 'ਚ ਪਾਵਰਕਾਮ ਦੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਪੁਤਲਾ ਫੂਕ ਕੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਹੈ। ਇਹ ਵਿਰੋਧ ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਦੀ ਲਗਭਗ 1764 ਏਕੜ ਜ਼ਮੀਨ ਵੇਚਣ ਦੇ ਵਿਰੋਧ 'ਚ ਕੀਤਾ ਗਿਆ ਹੈ।
ਜਾਣਕਾਰੀ ਦਿੰਦਿਆਂ ਹਾਜੀਪੁਰ ਜੁਆਇੰਟ ਫੋਰਮ ਦੇ ਉਪ ਪ੍ਰਧਾਨ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਇਸੇ ਥਰਮਲ ਪਲਾਂਟ ਨੂੰ ਚਾਲੂ ਰੱਖਣ 'ਤੇ ਪਰਾਲੀ ਨਾਲ ਚੱਲਣ ਵਾਲੇ ਥਰਮਲ ਪਲਾਂਟ ਲਗਾਉਣ ਦਾ ਵਾਅਦਾ ਕੀਤਾ ਗਿਆ ਸੀ। ਉੱਥੇ ਹੀ ਪੰਜਾਬ ਸਰਕਾਰ ਨੇ ਇਸ ਦੀ ਜ਼ਮੀਨ ਕੌਡੀਆਂ ਦੇ ਭਾਅ ਵੇਚ ਦਿੱਤੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦਾ ਨੌਜਵਾਨ ਤਾਂ ਬੇਰੁਜ਼ਗਾਰੀ ਕਾਰਨ ਨਸ਼ੇ ਦੀ ਦਲਦਲ ਵਿੱਚ ਫਸਿਆ ਹੋਇਆ ਹੈ ਤੇ ਬਾਕੀ ਰਹਿੰਦੇ ਨੌਜਵਾਨ ਵਰਗ ਰੁਜ਼ਗਾਰ ਨਾ ਮਿਲਣ ਕਾਰਨ ਬਾਹਰਲੇ ਮੁਲਕਾਂ ਵੱਲ ਰੁਜ਼ਗਾਰ ਦੀ ਤਲਾਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਰੁਜ਼ਗਾਰ ਖੋਹ ਰਹੀ ਹੈ।
ਉਨ੍ਹਾਂ ਸੂਬੇ ਦੇ ਸਾਰੇ ਪਾਵਰਕਾਮ ਮੁਲਾਜ਼ਮਾਂ ਵੱਲੋਂ ਸਰਕਾਰਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਇਸ ਨੂੰ ਨਾ ਰੋਕਿਆ ਤਾਂ ਸਮੁੱਚਾ ਮੁਲਾਜ਼ਮ ਵਰਗ ਸੜਕਾਂ 'ਤੇ ਉਤਰ ਕੇ ਹੋਰ ਵੀ ਤਿੱਖਾ ਸੰਘਰਸ਼ ਕਰੇਗਾ ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
ਦੱਸਣਯੋਗ ਹੈ ਕਿ ਸੂਬਾ ਸਰਕਾਰ ਨੇ ਬਠਿੰਡਾ ਥਰਮਲ ਪਲਾਂਟ ਦੀ 1764 ਏਕੜ ਜ਼ਮੀਨ ਨੂੰ ਪੁਡਾ ਨੂੰ ਵੇਚਣ ਦਾ ਫ਼ੈਸਲਾ ਲਿਆ ਸੀ ਜਿਸ ਕਾਰਨ ਸੂਬੇ ਦੇ ਪਾਵਰਕਾਮ ਮੁਲਾਜ਼ਮਾਂ 'ਚ ਵਿਦਰੋਹ ਦੀ ਭਾਵਨਾ ਹੈ।