ਹੁਸ਼ਿਆਰਪੁਰ: ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਹਾਈਟੈਕ ਬਣਾ ਕੇ ਬੱਚਿਆਂ ਨੂੰ ਆਧੁਨਿਕ ਸਿੱਖਿਆ ਦੇ ਨਾਲ ਜੋੜਨ ਲਈ ਵਚਨਬੱਧ ਹੈ, ਇਸ ਤਹਿਤ ਹਰ ਸਕੂਲ ਨੂੰ ਸਮਾਰਟ ਸਕੂਲ ਬਣਾਇਆ ਜਾ ਰਿਹਾ ਹੈ। ਇਹ ਵਿਚਾਰ ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੰਟਾ ਘਰ ਦੇ ਸਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਸਕੂਲ ਨੂੰ ਸਮਾਰਟ ਸਕੂਲ ਐਲਾਨ ਕਰਦੇ ਹੋਏ ਪ੍ਰਗਟ ਕੀਤੇ।
ਉਨ੍ਹਾਂ ਰਾਜ ਵਿੱਚ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਉਚਾ ਚੁੱਕਣ ਲਈ ਕੀਤੇ ਜਾ ਰਹੇ ਸਰਕਾਰ ਦੇ ਯਤਨਾਂ ਤਹਿਤ ਵਾਟਰ ਹਾਰਵੈਸਟਿੰਗ ਪ੍ਰੋਜੈਕਟ ਵੀ ਸਕੂਲ ਨੂੰ ਸਮਰਪਿਤ ਕੀਤਾ। ਕੈਬਿਨੇਟ ਮੰਤਰੀ ਅਰੋੜਾ ਨੇ ਇਸ ਮੌਕੇ ਜਿਥੇ ਸਕੂਲ ਦੇ ਪ੍ਰਿੰਸੀਪਲ, ਸਮਾਜ ਸੇਵਕਾਂ ਅਤੇ ਸਵੈਸੇਵੀ ਕਲੱਬਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ, ਉਥੇ ਵੱਖ-ਵੱਖ ਸੰਸਥਾਵਾਂ ਦੇ ਪ੍ਰਤੀਨਿੱਧੀਆਂ, ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ।
ਉਨ੍ਹਾਂ ਸਕੂਲ ਵਿੱਚ ਨਵੇਂ ਬਣੇ ਸਮਾਰਟ ਰੂਮ ਤੇ ਕੰਪਿਊਟਰ ਲੈਬ ਦੇ ਰੱਖ-ਰਖਾਵ 'ਤੇ ਖੁਸ਼ੀ ਪ੍ਰਗਟ ਕਰਦੇ ਹੋਏ ਈ-ਲਰਨਿੰਗ ਨੂੰ ਸਿੱਖਿਆ ਨਾਲ ਜੋੜਨ 'ਤੇ ਜ਼ੋਰ ਦਿੱਤਾ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਸਕੂਲਾਂ ਦੇ ਮੁਖੀਆਂ ਨੂੰ ਸਪੋਰਟਸ ਕਿੱਟਾਂ ਵੀ ਵੰਡੀਆਂ।ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਸਕੂਲ ਦੇ ਵਿਕਾਸ ਲਈ 5 ਲੱਖ ਰੁਪਏ ਦੇਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਸਰਕਾਰੀ ਸਕੂਲਾਂ ਨੂੰ ਹਰ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਈਆਂ ਜਾਣ।