ਹੁਸ਼ਿਆਰਪੁਰ: ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈਕੇ ਦੂਜੇ ਦਿਨ ਵੀ ਭੁੱਖ ਹੜਤਾਲ ਜਾਰੀ ਰੱਖੀ ਗਈ। ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਕਿ ਸੂਬਾ ਸਰਕਾਰ ਦੀਆਂ ਮਾਰੂ ਨੀਤੀਆਂ ਕਰਕੇ ਹਰ ਵਰਗ 'ਚ ਨਿਰਾਸ਼ਾ ਪਾਈ ਜਾ ਰਹੀ ਹੈ, ਜਿਸ ਦੇ ਚੱਲਦਿਆਂ ਮੁਲਾਜ਼ਮਾਂ ਵਲੋਂ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਵੀ ਕੀਤੀ ਗਈ।
ਮੁਲਾਜ਼ਮਾਂ ਦਾ ਕਹਿਣਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ, ਜਿਸ ਕਾਰਨ ਉਨ੍ਹਾਂ ਨੂੰ ਭੁੱਖ ਹੜਤਾਲ ਤੇ ਬੈਠਣਾ ਪੈ ਰਿਹਾ ਹੈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸਰਕਾਰੀ ਦਰਬਾਰੇ ਹਾੜ੍ਹੇ ਕੱਢ ਰਹੇ ਹਨ ਤੇ ਹਰ ਵਾਰ ਉਨ੍ਹਾਂ ਨੂੰ ਸਿਵਾਏ ਝੂਠੇ ਲਾਰਿਆਂ ਤੋਂ ਹੋਰ ਕੁਝ ਵੀ ਹਾਸਲ ਨਹੀਂ ਹੁੰਦਾ ਜਿਸ ਕਾਰਨ ਅੱਜ ਪੰਜਾਬ ਦੇ ਵੱਖ ਵੱਖ ਵਿਭਾਗਾਂ ਚ ਕੰਮ ਕਰ ਰਹੇ ਮੁਲਾਜ਼ਮਾਂ ਚ ਸਰਕਾਰ ਦੀਆਂ ਘਟੀਆ ਨੀਤੀਆਂ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਸਰਕਾਰ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਚ ਮੁਲਾਜ਼ਮਾਂ ਵੱਲੋਂ ਆਪਣੇ ਰੋਸ ਪ੍ਰਦਰਸ਼ਨਾਂ ਨੂੰ ਤੇਜ਼ ਕਰਦਿਆਂ ਹੋਇਆਂ ਸਰਕਾਰ ਦੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ ਅਤੇ ਮੰਤਰੀਆਂ ਦੀਆਂ ਕੋਠੀਆਂ ਦਾ ਘਿਰਾਓ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਮੁਖਤਾਰ ਅੰਸਾਰੀ ਕੇਸ: ਸੁਪਰੀਮ ਕੋਰਟ ਨੇ ਪੰਜਾਬ ਤੋਂ ਯੂਪੀ ਭੇਜਣ ਦੀ ਪਟੀਸ਼ਨ 'ਤੇ ਫੈਸਲਾ ਰੱਖਿਆ ਰਾਖਵਾਂ