ਹੁਸ਼ਿਆਰਪੁਰ : ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਰਾਹੀਂ ਸੂਬੇ ਵਿਚ ਸਿਹਤ ਸੇਵਾਵਾਂ ਵਿਚ ਕ੍ਰਾਂਤੀਕਾਰੀ ਬਦਲਾਅ ਲਿਆਂਦਾ ਗਿਆ ਹੈ ਅਤੇ ਹੁਣ ਸਬ-ਡਵੀਜ਼ਨ ਤੇ ਜ਼ਿਲ੍ਹਾ ਹਸਪਤਾਲਾਂ ਵਿਚ ਵੱਧ ਤੋਂ ਵੱਧ ਸਹੂਲਤਾਂ ਦੇ ਕੇ ਇਥੇ ਵੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕੀਤਾ ਜਾਵੇਗਾ। ਸਿਹਤ ਮੰਤਰੀ ਗੜ੍ਹਸ਼ੰਕਰ ਦੇ ਨੇੜੇ ਪਿੰਡ ਰੁੜਕੀ ਖਾਸ ਦੇ ਦੌਰੇ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦੇ ਰਹੇ ਸਨ। ਇਸ ਮੌਕੇ ਸਿਹਤ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕ ਹਿਤੈਸ਼ੀ ਬਜਟ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਸ ਦਾ ਹਰੇਕ ਵਰਗ ਨੂੰ ਲਾਭ ਪਹੁੰਚਿਆ ਹੈ।
ਆਮ ਆਦਮੀ ਕਲੀਨਕ ਨਾਲ ਪਹੁੰਚਿਆ ਲਾਭ : ਸਿਹਤ ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਪੰਜਾਬ ਵਿਚ ਹੁਣ ਤੱਕ 504 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਮਾਰਚ ਦੇ ਅਖੀਰ ਤੱਕ 142 ਹੋਰ ਆਮ ਆਦਮੀ ਕਲੀਨਿਕ ਜਨਤਾ ਨੂੰ ਸਮਰਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਕਾਫ਼ੀ ਲਾਭ ਪਹੁੰਚਿਆ ਹੈ, ਕਿਉਂਕਿ ਇਥੇ ਮੁਢਲੀ ਜਾਂਚ ਤੋਂ ਇਲਾਵਾ ਲੈਬ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।
ਪੰਜਾਬ ਲਈ ਫਰਿਸ਼ਤਾ ਸਕੀਮ : ਡਾ. ਬਲਬੀਰ ਸਿੰਘ ਨੇ ਕਿਹਾ ਕਿ ਫਰਿਸ਼ਤਾ ਸਕੀਮ ਪੰਜਾਬ ਵਿਚ ਲਾਗੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਪੰਜਾਬ ਜਾਂ ਪੰਜਾਬ ਤੋਂ ਬਾਹਰੀ ਕੋਈ ਵਿਅਕਤੀ ਕਿਸੇ ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋ ਜਾਂਦਾ ਹੈ ਤਾਂ ਜ਼ਖ਼ਮੀ ਹੋਏ ਵਿਅਕਤੀ ਨੂੰ ਲਾਗੇ ਦੇ ਕਿਸੇ ਵੀ ਹਸਪਤਾਲ ਵਿਚ ਪਹੁੰਚਾਉਣ ਵਾਲੇ ਨੂੰ ਸੂਬਾ ਸਰਕਾਰ ਫਰਿਸ਼ਤਾ ਮੰਨਦਿਆਂ ਉਸ ਨੂੰ 2000 ਰੁਪਏ ਦੇ ਸਨਮਾਨ ਨਾਲ ਨਵਾਜੇਗੀ। ਇਸ ਤੋਂ ਇਲਾਵਾ ਉਸ ਕੋਲੋਂ ਕੋਈ ਵੀ ਪੁੱਛ ਪੜਤਾਲ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜ਼ਖ਼ਮੀ ਦਾ ਇਲਾਜ਼ ਮੁਫ਼ਤ ਕੀਤਾ ਹੋਵੇਗਾ। ਫਿਰ ਚਾਹੇ ਉਸਨੂੰ ਨਿਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੋਵੇ। ਉਨ੍ਹਾਂ ਕਿਹਾ ਕਿ ਸਾਰਾ ਖਰਚਾ ਸਰਕਾਰ ਕਰੇਗੀ।
ਇਹ ਵੀ ਪੜ੍ਹੋ : Takht Sri Damdama Sahib: ਸਿੱਖਾਂ ਦੇ ਚੌਥੇ ਤਖ਼ਤ ਦਾ ਇਤਿਹਾਸ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦਿੱਤਾ ਸੀ 'ਗੁਰੂ ਕੀ ਕਾਸ਼ੀ' ਦਾ ਨਾਂਅ
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਇਸ ਲਈ ਯੋਗਸ਼ਾਲਾ ਸ਼ੁਰੂ ਹੋਵੇਗੀ। ਹਸਪਤਾਲਾਂ ਵਿਚ ਬੁਨਿਆਦੀ ਸੁਵਿਧਾਵਾਂ ਦੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿਚ ਸਟਾਫ਼ ਦੀ ਕਮੀ ਨੂੰ ਦੂਰ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿਚ ਵੱਧ ਤੋਂ ਵੱਧ ਭਰਤੀ ਕੀਤੀ ਜਾ ਰਹੀ ਹੈ।