ਹੁਸ਼ਿਆਰਪੁਰ: ਕੈਬਿਨੇਟ ਮੰਤਰੀ ਸੁੰਦਰ ਸ਼ਾਮ ਅਰੋੜਾ ਵੱਲੋਂ ਹਰ ਵਾਰਡ, ਹਰ ਪਿੰਡ ’ਚ ਕੋਰੋਨਾ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। 20-20 ਵਿਅਕਤੀਆਂ ਦੀਆਂ ਟੀਮਾਂ ਲੋਕਾਂ ਨੂੰ ਹਦਾਇਤਾਂ ਦੀ ਪਾਲਣਾ ਲਈ ਅਪੀਲਾਂ ਕਰਨਗੀਆਂ।
ਕੈਬਿਨੇਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕੋਰੋਨਾ ਤੋਂ ਬਚਾਅ ਲਈ ਲੋਕਾਂ ਨੂੰ ਹੇਠਲੇ ਪੱਧਰ ਤੱਕ ਜਾਗਰੂਕ ਕਰਨ ਲਈ ‘ਹਰ ਵਾਰਡ, ਹਰ ਪਿੰਡ’ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਕੋਰੋਨਾ ਪ੍ਰਤੀ ਗੰਭੀਰ ਹੋਣਾ ਸਮੇਂ ਦੀ ਮੁੱਖ ਮੰਗ ਹੈ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਸਮੇਤ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪੋ-ਆਪਣੇ ਪੱਧਰ ’ਤੇ ਲੋੜੀਂਦੇ ਯਤਨ ਅਮਲ ਵਿੱਚ ਲਿਆਉਣੇ ਚਾਹੀਦੇ ਹਨ ਤਾਂ ਜੋ ਇਸ ਵਾਇਰਸ ’ਤੇ ਫਤਿਹ ਪਾਈ ਜਾ ਸਕੇ।
ਉਨ੍ਹਾਂ ਕਿਹਾ ਕਿ ‘ਹਰ ਵਾਰਡ, ਹਰ ਪਿੰਡ’ ਵਿੱਚ 20-20 ਵਿਅਕਤੀਆਂ ਦੀਆਂ ਟੀਮਾਂ ਬਣਾ ਕੇ ਲੋਕਾਂ ਨੂੰ ਜਾਗਰੂਕ ਅਤੇ ਸਿੱਖਿਅਤ ਕਰਨ ਲਈ ਮੁਹਿੰਮ ਸ਼ਹਿਰ ਵਿੱਚ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਟੀਮ ਵੱਲੋਂ ਕੋਵਿਡ ਸਬੰਧੀ ਹਦਾਇਤਾਂ ਦੀ ਪਾਲਣਾ ਕਰਦਿਆਂ ਮਾਸਕ ਪਹਿਨ ਕੇ ਗਲੀ-ਗਲੀ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਅਹਿਮ ਜਾਣਕਾਰੀਆਂ ਦੇਣ ਦੇ ਨਾਲ-ਨਾਲ ਹਦਾਇਤਾਂ ਦੀ ਪੂਰੀ ਗੰਭੀਰਤਾ ਨਾਲ ਪਾਲਣਾ ਦੀ ਅਪੀਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੁਣੇ ਹੋਏ ਨੁਮਾਇੰਦੇ, ਜਿਨ੍ਹਾਂ ਵਿੱਚ ਕੌਂਸਲਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀ ਮੈਂਬਰ ਆਦਿ ਸ਼ਾਮਲ ਹਨ। ਇਸ ਜਾਗਰੂਕਤਾ ਮੁਹਿੰਮ ਵਿੱਚ ਆਪਣਾ ਅਹਿਮ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਸਮੇਂ ਸਿਰ ਵੱਧ ਤੋਂ ਵੱਧ ਲੋਕਾਂ ਨੂੰ ਸਹੀ ਜਾਣਕਾਰੀ ਦਿੱਤੀ ਜਾ ਸਕੇ।