ਹੁਸ਼ਿਆਰਪੁਰ: ਬੀਤੇ ਦਿਨੀਂ ਹੁਸ਼ਿਆਰਪੁਰ ਦੀ ਇੱਕ ਲੜਕੀ ਵੱਲੋਂ ਦੋ ਫਾਈਨਾਂਸਰਾਂ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ 'ਤੇ ਥਾਣਾ ਮਾਡਲ ਟਾਊਨ ਪੁਲਿਸ ਵੱਲੋਂ ਦੋਨੋਂ ਕਥਿਤ ਦੋਸ਼ੀਆਂ ਖਿਲਾਫ਼ ਮਾਮਲਾ ਵੀ ਦਰਜ ਕਰ ਲਿਆ ਗਿਆ ਸੀ। ਪਰ ਘਟਨਾ ਦੇ ਨੌਂ ਦਿਨ ਬੀਤ ਜਾਣ ਤੋਂ ਬਾਅਦ ਵੀ ਕਥਿਤ ਦੋਸ਼ੀ ਹਾਲੇ ਤੱਕ ਪੁਲਿਸ ਦੀ ਗ੍ਰਿਫਤ ਚੋਂ ਬਾਹਰ ਹਨ। ਜਿਸ ਨੂੰ ਲੈਕੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਦੇ ਡਾ. ਅੰਬੇਦਕਰ ਫਾਊਂਡੇਸ਼ਨ ਦੇ ਮੈਂਬਰ ਮਨਜੀਤ ਬਾਲੀ ਮੁਲਾਕਾਤ ਕਰਨ ਲਈ ਪਹੁੰਚੇ।
ਇਸ ਮੌਕੇ ਮਨਜੀਤ ਬਾਲੀ ਵਲੋਂ ਪਰਿਵਾਰ ਨੂੰ ਭਰੋਸਾ ਦਿਵਾਇਆ ਗਿਆ ਕਿ ਭਾਰਤ ਸਰਕਾਰ ਉਨ੍ਹਾਂ ਦੀ ਹਰ ਤਰ੍ਹਾਂ ਨਾਲ ਮਦਦ ਕਰੇਗੀ। ਉਨ੍ਹਾਂ ਦਾ ਕਹਿਣਾ ਕਿ ਦੋਸ਼ੀਆਂ ਨੂੰ ਕਿਸੇ ਵੀ ਹਾਲਤ 'ਚ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਮਨਜੀਤ ਬਾਲੀ ਵੱਲੋਂ ਥਾਣਾ ਮੁਖੀ ਕਰਨੈਲ ਸਿੰਘ ਨੂੰ ਕਥਿਤ ਦੋਸ਼ੀਆਂ ਵਿਰੁੱਧ ਦਰਜ ਕੀਤੇ ਗਏ ਮਾਮਲੇ 'ਚ ਵਾਧਾ ਕਰਨ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰਨ ਦੇ ਵੀ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਦੀ ਭਾਰਤ ਸਰਕਾਰ ਵੱਲੋਂ ਮਾਲੀ ਸਹਾਇਤਾ ਵੀ ਕੀਤੀ ਜਾਵੇਗੀ ਤੇ ਪਰਿਵਾਰ ਨੂੰ ਜਲਦ ਇਨਸਾਫ ਦਿਵਾਇਆ ਜਾਵੇਗਾ। ਇਸ ਮੌਕੇ ਮ੍ਰਿਤਕ ਲੜਕੀ ਦੀ ਮਾਤਾ ਵਲੋਂ ਪੁਲਸ ਪ੍ਰਸ਼ਾਸਨ ਤੋਂ ਕਥਿਤ ਦੋਸ਼ੀਆਂ ਨੂੰ ਜਲਦ ਕਾਬੂ ਕਰ ਕੇ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਵੀ ਕੀਤੀ।
ਇਹ ਵੀ ਪੜ੍ਹੋ:ਪੰਜਾਬ ਸਰਕਾਰ ਦਾ ਕੰਮ ’ਆਪਣਿਆਂ ਨੂੰ ਗੱਫੇ ਲੋਕਾਂ ਨੂੰ ਧੱਕੇ’: ਭਗਵੰਤ ਮਾਨ