ਹੁਸ਼ਿਆਰਪੁਰ: ਜ਼ਿਲ੍ਹੇ ਨੂੰ ਕੋਰੋਨਾ ਮੁਕਤ ਕਰਨ ਲਈ ਐਸਐਸਪੀ ਨਵਜੋਤ ਸਿੰਘ ਮਾਹਲ ਨੇ ਸੇਵਾ ਸੰਕਲਪ ਸੁਸਾਇਟੀ ਦੇ ਸਹਿਯੋਗ ਨਾਲ ਸੈਲਫ਼ ਸੇਫ਼ਟੀ ਸਲੋਗਨ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਦੱਸ ਦੇਈਏ ਕਿ ਇਸ ਤਹਿਤ ਐਸਐਸਪੀ ਨਵਜੋਤ ਸਿੰਘ ਮਾਹਲ ਨੇ ਸੇਵਾ ਸੰਕਲਪ ਸੁਸਾਇਟੀ ਦੇ ਵਾਈਸ ਪ੍ਰਧਾਨ ਹਰਪ੍ਰੀਤ ਸੰਧੂ ਨੂੰ 1 ਹਜ਼ਾਰ ਮਾਸਕ ਸੌਂਪੇ।
ਐਸਐਸਪੀ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਨਾ ਸਿਰਫ਼ ਲੋਕਾਂ ਨੂੰ ਕੋਰੋਨਾ ਖਿਲਾਫ਼ ਜਾਗਰੂਕ ਕਰਨਾ ਹੈ ਸਗੋਂ ਇਸ ਵਾਇਰਸ ਨੂੰ ਫੈਲਣ ਤੋਂ ਰੋਕਦਿਆਂ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸਾਰੇ ਡੀ.ਐਸ.ਪੀ ਨੂੰ ਜਨਤਕ ਹਿੱਤਾਂ ਦੇ ਮੱਦੇਨਜ਼ਰ ਇੱਕ ਦਿਨ ਵਿੱਚ ਘੱਟੋ-ਘੱਟ 10 ਪਿੰਡ ਕਵਰ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਵਾਇਰਸ ਖਿਲਾਫ਼ ਜਾਗਰੂਕ ਕਰ ਸਕਣ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸਬੰਧਤ ਥਾਣਾ ਮੁਖੀ ਵੀ ਪੂਰੀ ਸਰਗਰਮੀ ਨਾਲ ਆਪਣਾ ਬਣਦਾ ਯੋਗਦਾਨ ਪਾਉਣਗੇ ਜਿਸ ਨਾਲ ਮੁਹਿੰਮ ਨੂੰ ਹੇਠਲੇ ਪੱਧਰ ਤੋਂ ਉੱਪਰ ਚੱਕਿਆਂ ਜਾ ਸਕੇ। ਨਵਜੋਤ ਸਿੰਘ ਮਾਹਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਨਤਾ ਦੇ ਸਹਿਯੋਗ ਅਤੇ ਤਾਲਮੇਲ ਸਦਕਾ ਹੀ ਮਿਸ਼ਨ ਫਤਿਹ ਤਹਿਤ ਕੋਰੋਨਾ ’ਤੇ ਜਿੱਤ ਸੰਭਵ ਹੈ ਅਤੇ ਇਹ ਸਹਿਯੋਗ ਇਸ ਨਾਜ਼ੁਕ ਦੌਰ ਵਿੱਚ ਅਤਿ ਲੋੜੀਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਸਹੀ ਢੰਗ ਨਾਲ ਸਿਹਤ ਸਲਾਹਕਾਰੀਆਂ ਦੀ ਪਾਲਣਾ ਖ਼ਾਸਕਰ ਮਾਸਕ ਪਾਉਣਾ ਤੇ ਇੱਕ ਦੂਜੇ ਤੋਂ ਬਣਦੀ ਦੂਰੀ ਬਣਾਉਣ ਨਾਲ ਹੀ ਕੋਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕਦਾ ਹੈ।
ਸੇਵਾ ਸੰਕਲਪ ਸੁਸਾਇਟੀ ਦੇ ਵਾਈਸ ਪ੍ਰਧਾਨ ਹਰਪ੍ਰੀਤ ਸੰਧੂ ਨੇ ਕਿਹਾ ਕਿ ਸਭ ਤੋਂ ਪਹਿਲਾਂ ਇਹ ਮੁਹਿੰਮ ਲੁਧਿਆਣਾ ਸ਼ਹਿਰ ਵਿੱਚ ਸ਼ੁਰੂ ਕੀਤੀ ਗਈ ਸੀ। ਜਿਸ ਤੋਂ ਬਾਅਦ ਹੀ ਇਸ ਨੂੰ ਦੁਆਬਾ ਖੇਤਰ ਵਿੱਚ ਸ਼ੁਰੂ ਕੀਤਾ ਗਿਆ ਹੈ। ਹੁਸ਼ਿਆਰਪੁਰ ਦੁਆਬਾ ਦਾ ਪਹਿਲਾਂ ਜ਼ਿਲ੍ਹਾ ਹੈ ਜਿੱਥੇ ਇਸ ਮੁਹਿੰਮ ਦਾ ਅਗਾਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਦਯਾਨੰਦ ਮੈਡੀਕਲ ਕਾਲਜ, ਲੁਧਿਆਣਾ ਦੇ ਮੈਡੀਕਲ ਮਾਹਰਾਂ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਸੇਫ਼ਟੀ ਆਨਲਾਈਨ ਸਲੋਗਨਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਕੇ ਲੋਕਾਂ ਨੂੰ ਕੋਰੋਨਾ ਦੀ ਗ੍ਰਿਫਤ ’ਚ ਆਉਣੋਂ ਬਚਾਉਣ।
ਇਹ ਵੀ ਪੜ੍ਹੋ:ਮੁੜ ਕਬੱਡੀ ਟੂਰਨਾਮੈਂਟ ਸ਼ੁਰੂ ਕਰਵਾਉਣ ਲਈ ਕਬੱਡੀ ਖਿਡਾਰੀਆਂ ਨੇ ਐਸਡੀਐਮ ਨੂੰ ਦਿੱਤਾ ਮੰਗ ਪੱਤਰ