ਜਲੰਧਰ/ਹੁਸ਼ਿਆਰਪੁਰ: ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 5 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਪੰਜਾਬ ਵਿੱਚ ਕੋਰੋਨਾ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 38 ਹੋ ਗਈ ਹੈ, ਜਿਨ੍ਹਾਂ ਵਿੱਚੋਂ 1 ਦੀ ਮੌਤ ਹੋ ਚੁੱਕੀ ਹੈ ਅਤੇ ਇੱਕ ਠੀਕ ਹੋ ਗਿਆ ਹੈ। ਨਵਾਂ ਮਾਮਲਾ ਮੋਹਾਲੀ ਤੋਂ ਸਾਹਮਣੇ ਆਇਆ ਹੈ ਜਿੱਥੇ 70 ਸਾਲਾ ਮਹਿਲਾ ਵਿੱਚ ਕੋਰੋਨਾ ਵਾਇਰਸ ਪਾਜ਼ੀਟਿਵ ਪਾਇਆ ਗਿਆ ਹੈ।
ਜਲੰਧਰ ਦੇ ਫਿਲੌਰ ਇਲਾਕੇ ਵਿਚ ਪੈਂਦੇ ਪਿੰਡ ਵਿਰਕ ਵਿਖੇ ਕੋਰੋਨਾ ਵਾਇਰਸ ਦਾ ਇੱਕ ਹੋਰ ਮਾਮਲਾ ਆਇਆ ਸਾਹਮਣੇ ਆਇਆ ਹੈ। ਪਿੰਡ ਦੇ 27 ਸਾਲਾ ਨੌਜਵਾਨ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਹੈ।
ਦੂਜੇ ਪਾਸੇ ਹੁਸ਼ਿਆਰਪੁਰ ਵਿੱਚ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵੀ ਇੱਕੋ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਵਿੱਚ ਕੋਰੋਨਾ ਵਾਇਰਸ ਪਾਜ਼ੀਟਿਵ ਪਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪਿਤਾ ਤੇ ਪੁੱਤਰ ਦਾ ਕੋਰੋਨਾ ਵਾਇਰਸ ਦਾ ਟੈਸਟ ਪਾਜ਼ੀਟਿਵ ਆਇਆ ਸੀ। ਅੱਜ 3 ਹੋਰ ਦੀ ਜਾਂਚ ਤੋਂ ਬਾਅਦ ਪਿੰਡ ਮੋਰਾਵਾਲੀ ਵਿੱਚ ਪੀੜਤਾਂ ਦੀ ਗਿਣਤੀ 5 ਹੋ ਗਈ ਹੈ। ਸਿਹਤ ਵਿਭਾਗ ਵੱਲੋਂ ਪਿੰਡ ਮੋਰਾਂਵਾਲੀ ਅਤੇ ਨਜ਼ਦੀਕੀ ਪਿੰਡਾਂ 'ਚ ਘਰ-ਘਰ ਜਾ ਕੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ।
ਦੱਸ ਦਈਏ ਕਿ ਦੇਸ਼ ਭਰ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ 700 ਤੋਂ ਪਾਰ ਪਹੁੰਚ ਗਈ ਹੈ ਅਤੇ 17 ਲੋਕ ਆਪਣੀ ਜਾਨ ਗਵਾ ਚੁੱਕੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ 21 ਦਿਨਾਂ ਤੱਕ ਤਾਲਾਬੰਦੀ ਕਰ ਦਿੱਤੀ ਹੈ।