ਜਲੰਧਰ: ਫੁਟਬਾਲ ਚੌਕ ਰੈੱਡ ਲਾਈਟ 'ਤੇ ਖੜ੍ਹੀ ਕਾਰ ਨੂੰ ਪਿੱਛੋਂ ਤੋਂ ਆਏ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਵਿੱਚ ਸਵਾਰ ਪੰਜ ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਟਰੱਕ ਛੱਡ ਕੇ ਫ਼ਰਾਰ ਹੋ ਗਿਆ।
ਤੇਜ਼ ਰਫ਼ਤਾਰ ਟਰੱਕ ਨੇ ਮਾਰੀ ਟੱਕਰ
ਕਾਰ ਚਲਾ ਰਹੇ ਨਿਤਿਨ ਨੇ ਦੱਸਿਆ ਕਿ ਉਹ ਨਕੋਦਰ ਚੌਕ ਤੋਂ ਫੁੱਟਬਾਲ ਚੌਕ ਵੱਲ ਆ ਰਹੇ ਸੀ। ਇਸ ਦੌਰਾਨ ਅੱਗੇ ਜਾ ਰਹੇ ਟਰੱਕ ਨੇ ਅਚਾਨਕ ਬ੍ਰੇਕ ਲਗਾ ਦਿੱਤੀ ਜਿਸ ਤੋਂ ਬਾਅਦ ਉਨ੍ਹਾਂ ਨੇ ਵੀ ਆਪਣੀ ਕਾਰ ਟਰੱਕ ਦੇ ਪਿੱਛੇ ਰੋਕ ਦਿੱਤੀ। ਉਨ੍ਹਾਂ ਦੱਸਿਆ ਕਿ ਇੰਨ੍ਹੇ ਵਿੱਚ ਤੇਜ਼ ਰਫ਼ਤਾਰ ਟਰੱਕ ਨੇ ਪਿਛੋਂ ਉਨ੍ਹਾਂ ਦੀ ਕਾਰ ਵਿੱਚ ਟੱਕਰ ਮਾਰ ਦਿੱਤੀ, ਜਿਸ ਦੌਰਾਨ ਉਨ੍ਹਾਂ ਦੀ ਕਾਰ ਅੱਗੇ ਖੜ੍ਹੇ ਟਰੱਕ ਵਿੱਚ ਜਾ ਟਕਰਾਈ।
ਬਿਆਨਾਂ ਦੇ ਅਧਾਰ 'ਤੇ ਕੀਤੀ ਜਾਵੇਗੀ ਅਗਲੀ ਕਾਰਵਾਈ
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪਤਨੀ ਅਤੇ ਉਨ੍ਹਾਂ ਦੇ ਪਿਤਾ ਨੂੰ ਗੰਭੀਰ ਸੱਟਾਂ ਆਈਆਂ ਹਨ। ਪੁਲਿਸ ਨੂੰ ਇਸ ਬਾਰੇ ਸ਼ਿਕਾਇਤ ਵੀ ਦਰਜ ਕਰਵਾ ਦਿੱਤੀ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਫੁੱਟਬਾਲ ਚੌਕ 'ਤੇ ਹਾਦਸਾ ਵਾਪਰਿਆ ਹੈ ਜਿਸ ਤੋਂ ਬਾਅਦ ਉਹ ਮੌਕੇ 'ਤੇ ਪੁੱਜੇ ਅਤੇ ਉਨ੍ਹਾਂ ਨੇ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ। ਉਨ੍ਹਾਂ ਦੱਸਿਆ ਕਿ ਬਿਆਨਾਂ ਦੇ ਅਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।