ਜਲੰਧਰ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਲਈ ਜ਼ਿਲ੍ਹਾ ਜਲੰਧਰ ਦੇ 9 ਵਿਧਾਨਸਭਾ ਹਲਕਿਆਂ ਵਿੱਚ 59 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਜਾਣਗੇ।
ਇਸਦੇ ਨਾਲ ਹੀ ਸਮੁੱਚੀ ਪੋਲਿੰਗ ਪ੍ਰਕਿਰਿਆ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਹਰੇਕ ਹਲਕੇ ਵਿੱਚ ਇੱਕ ਪੋਲਿੰਗ ਸਟੇਸ਼ਨ ਅਜਿਹਾ ਹੋਵੇਗਾ, ਜਿੱਥੇ ਸਮੁੱਚਾ ਮਹਿਲਾ ਸਟਾਫ਼ ਤਾਇਨਾਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇੱਕ ਪੋਲਿੰਗ ਸਟੇਸ਼ਨ ਦਾ ਸੰਚਾਲਨ ਦਿਵਿਆਂਗ ਵੱਲੋਂ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਇਸ ਸਬੰਧੀ ਵਧੇਰੇ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਕਰਤਾਰਪੁਰ, ਜਲੰਧਰ ਪੱਛਮੀ, ਜਲੰਧਰ ਕੇਂਦਰੀ, ਜਲੰਧਰ ਉੱਤਰੀ ਅਤੇ ਵਿਧਾਨ ਸਭਾ ਹਲਕਾ ਜਲੰਧਰ ਛਾਉਣੀ ਵਿਖੇ 7-7 ਅਤੇ ਹਲਕਾ ਫਿਲੌਰ, ਨਕੋਦਰ, ਸ਼ਾਹਕੋਟ ਅਤੇ ਆਦਮਪੁਰ ਵਿਖੇ 6-6 ਮਾਡਲ ਪੋਲਿੰਗ ਸਟੇਸ਼ਨ ਬਣਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਮਾਡਲ ਪੋਲਿੰਗ ਸਟੇਸ਼ਨਾਂ ਦੀ ਇਮਾਰਤ ਦੀ ਚੰਗੀ ਹਾਲਤ, ਪੋਲਿੰਗ ਸਟਾਫ਼ ਤੇ ਪੋਲਿੰਗ ਏਜੰਟਾਂ ਲਈ ਚੰਗੀ ਕੁਆਲਟੀ ਦਾ ਫਰਨੀਚਰ, ਕਤਾਰਾਂ ਦਾ ਸੁਚੱਜਾ ਪ੍ਰਬੰਧ, ਪੀਣ ਵਾਲੇ ਪਾਣੀ ਦੀ ਮੁੱਢਲੀ ਸਹੂਲਤ, ਡਾਕਟਰੀ ਸਹਾਇਤਾ, ਵੋਟਰਾਂ ਲਈ ਬੈਠਣ ਦਾ ਪ੍ਰਬੰਧ, ਪਖਾਨੇ, ਸਹਾਇਤਾ ਲਈ ਵਾਲੰਟੀਅਰ ਆਦਿ ਹੋਰ ਪ੍ਰਬੰਧ ਹੋਣਗੇ।
ਪੋਲਿੰਗ ਪ੍ਰਕਿਰਿਆ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਬਣਾਏ ਜਾ ਰਹੇ `ਵੂਮੈਨ ਓਨਲੀ ਪੋਲਿੰਗ ਸਟੇਸ਼ਨਾਂ’ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਇੱਕ ਅਜਿਹਾ ਪੋਲਿੰਗ ਸਟੇਸ਼ਨ ਬਣਾਇਆ ਜਾ ਰਿਹਾ ਹੈ, ਜਿੱਥੇ ਸਿਰਫ਼ ਮਹਿਲਾ ਸਟਾਫ਼ ਤਾਇਨਾਤ ਕੀਤਾ ਜਾਵੇਗਾ।
ਇਸ ਤਰ੍ਹਾਂ ਜ਼ਿਲ੍ਹੇ ਵਿੱਚ ਅਜਿਹੇ 9 ਪੋਲਿੰਗ ਸਟੇਸ਼ਨਾਂ ਦਾ ਪ੍ਰਬੰਧ ਸਿਰਫ਼ ਮਹਿਲਾ ਟੀਮਾਂ ਵੱਲੋਂ ਕੀਤਾ ਜਾਵੇਗਾ ਅਤੇ ਇੰਨ੍ਹਾਂ ਪੋਲਿੰਗ ਸਟੇਸ਼ਨਾਂ ’ਤੇ ਪੋਲਿੰਗ ਸਟਾਫ਼, ਪੁਲਿਸ ਅਤੇ ਸੁਰੱਖਿਆ ਕਰਮਚਾਰੀਆਂ ਸਮੇਤ ਸਮੁੱਚਾ ਸਟਾਫ਼ ਔਰਤਾਂ ਦਾ ਹੀ ਹੋਵੇਗਾ।
ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਮਹਿਲਾ ਪੋਲਿੰਗ ਸਟਾਫ਼ ਦਾ ਆਤਮ ਵਿਸ਼ਵਾਸ ਵਧੇਗਾ ਉੱਥੇ ਮਹਿਲਾ ਵੋਟਰਾਂ ਨੂੰ ਵੀ ਵੱਡੀ ਗਿਣਤੀ ਵਿੱਚ ਵੋਟਿੰਗ ਪ੍ਰਕਿਰਿਆ ਵਿੱਚ ਭਾਗ ਲੈਣ ਦਾ ਸੁਨੇਹਾ ਵੀ ਮਿਲੇਗਾ। ਉਨ੍ਹਾਂ ਇਸ ਉਪਰਾਲੇ ਨੂੰ ਮਹਿਲਾ ਸਸ਼ਕਤੀਕਰਨ ਅਤੇ ਲਿੰਗ ਸਮਾਨਤਾ ਵੱਲ ਇਕ ਹੋਰ ਵਧੀਆ ਕਦਮ ਕਰਾਰ ਦਿੱਤਾ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਜਲੰਧਰ ਕੇਂਦਰੀ ਹਲਕੇ ਵਿੱਚ ਇਕ ਦਿਵਿਆਂਗ ਪੋਲਿੰਗ ਸਟੇਸ਼ਨ ਵੀ ਸਥਾਪਿਤ ਕੀਤਾ ਜਾਵੇਗਾ, ਜਿਸਦਾ ਪ੍ਰਬੰਧਨ ਦਿਵਿਆਂਗ (ਪੀ.ਡਬਲਯੂ.ਡੀ.) ਸਟਾਫ਼ ਵੱਲੋਂ ਕੀਤਾ ਜਾਵੇਗਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਵੋਟਰਾਂ ਨੂੰ 20 ਫਰਵਰੀ,2022 ਨੂੰ ਵੋਟਾਂ ਵਾਲੇ ਦਿਨ ਆਪਣੀ ਵੋਟ ਦੇ ਅਧਿਕਾਰ ਦਾ ਸਹੀ ਇਸਤੇਮਾਲ ਕਰਨ ਦੀ ਅਪੀਲ ਕੀਤੀ ਅਤੇ ਜਲੰਧਰ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ।
ਇਹ ਵੀ ਪੜ੍ਹੋ: ਭਗਵੰਤ ਮਾਨ ਨੇ ਸੰਸਦ ਵਿੱਚ ਚੁੱਕੇ ਕਿਸਾਨਾਂ ਦੇ ਮੁੱਦੇ