ਜਲੰਧਰ: ਪੰਜਾਬ ਦੇ ਫਗਵਾੜਾ ਹਲਕੇ ਵਿੱਚ ਹੋਈਆਂ ਜ਼ਿਮਨੀ ਚੋਣਾਂ ਦਾ ਨਤੀਜਾ ਆ ਗਿਆ। ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੇ ਬੀਜੇਪੀ ਦੇ ਉਮੀਦਵਾਰ ਰਾਜੇਸ਼ ਬਾਘਾ ਨੂੰ ਭਾਰੀ ਵੋਟਾਂ ਨਾਲ ਹਰਾ ਕੇ ਇਸ ਸੀਟ 'ਤੇ ਆਪਣਾ ਕਬਜ਼ਾ ਕਰ ਲਿਆ।
ਪੰਜਾਬ ਦੇ ਫਗਵਾੜਾ ਹਲਕੇ ਵਿੱਚ ਕਰੀਬ ਇੱਕ ਦਹਾਕੇ ਤੋਂ ਬਾਅਦ ਕਾਂਗਰਸ ਲਈ ਖੁਸ਼ੀਆਂ ਆਈਆਂ ਹਨ। ਇਸ ਵਿਧਾਨ ਸਭਾ ਸੀਟ 'ਤੇ ਕਾਂਗਰਸ ਦਾ ਕਾਫ਼ੀ ਸਮੇਂ ਤੋਂ ਬਾਅਦ ਕਬਜ਼ਾ ਹੋਇਆ ਹੈ। ਜ਼ਿਕਰਯੋਗ ਹੈ ਕਿ ਇਸ ਇਲਾਕੇ ਤੋਂ ਜੇਤੂ ਬਲਵਿੰਦਰ ਸਿੰਘ ਧਾਲੀਵਾਲ ਚੋਣਾਂ ਲੜਨ ਤੋਂ ਪਹਿਲੇ ਬਤੌਰ ਆਈ.ਏ. ਜਲੰਧਰ ਵਿੱਚ ਆਪਣੀ ਸੇਵਾ ਨਿਭਾ ਰਹੇ ਸਨ ਅਤੇ ਵਿਧਾਨ ਸਭਾ ਹਲਕਾ ਫਗਵਾੜਾ ਦੀਆਂ ਜ਼ਿਮਨੀ ਚੋਣਾਂ ਲੜਨ ਲਈ ਹੀ ਉਨ੍ਹਾਂ ਨੇ ਅਸਤੀਫ਼ਾ ਦਿੱਤਾ ਸੀ। ਅੱਜ ਉਨ੍ਹਾਂ ਨੇ ਭਾਜਪਾ ਦੇ ਉਮੀਦਵਾਰ ਰਾਜੇਸ਼ ਬਾਘਾ ਨੂੰ 26,116 ਵੋਟਾਂ ਨਾਲ ਹਰਾ ਕੇ ਇਸ ਸੀਟ ਤੇ ਆਪਣਾ ਕਬਜ਼ਾ ਕਰ ਲਿਆ।
ਬਲਵਿੰਦਰ ਸਿੰਘ ਧਾਲੀਵਾਲ ਦੀ ਜਿੱਤ ਦੀ ਖ਼ਬਰ ਮਿਲਦੇ ਹੀ ਫਗਵਾੜਾ ਵਿੱਚ ਉਨ੍ਹਾਂ ਦੇ ਸਮਰਥਕਾਂ ਨੇ ਢੋਲ ਵਜਾ ਕੇ ਅਤੇ ਭੰਗੜੇ ਪਾ ਕੇ ਖੁਸ਼ੀਆਂ ਮਨਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਮੌਕੇ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਜਿਸ ਤਰ੍ਹਾਂ ਫਗਵਾੜਾ ਦੇ ਲੋਕਾਂ ਨੇ ਉਨ੍ਹਾਂ 'ਤੇ ਵਿਸ਼ਵਾਸ ਜਤਾਇਆ ਹੈ ਉਸੇ ਤਰ੍ਹਾਂ ਉਹ ਵੀ ਇਨ੍ਹਾਂ ਲੋਕਾਂ ਦੇ ਵਿਸ਼ਵਾਸ ਨੂੰ ਕਦੇ ਟੁੱਟਣ ਨਹੀਂ ਦੇਣਗੇ। ਉਨ੍ਹਾਂ ਨੇ ਕਾਂਗਰਸ ਹਾਈਕਮਾਨ ਅਤੇ ਫਗਵਾੜਾ ਦੇ ਲੋਕਾਂ ਦਾ ਧੰਨਵਾਦ ਵੀ ਕੀਤਾ।