ਸੁਖਬੀਰ ਬਾਦਲ ਸਭ ਤੋਂ ਪਹਿਲਾਂ ਜਲੰਧਰ ਦੇ ਕਿਸ਼ਨਗੜ੍ਹ ਵਿਖੇ ਪਹੁੰਚੇ ਅਤੇ ਵਰਕਰਾਂ ਦੇ ਰੂਬਰੂ ਹੋਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਨੂੰ ਛੇਤੀ ਤੋਂ ਛੇਤੀ ਖੋਲ੍ਹਿਆ ਜਾਣਾ ਚਾਹੀਦਾ ਹੈ। ਬਹਿਬਲ ਕਲਾਂ ਗੋਲੀ ਕਾਂਡ ਬਾਰੇ ਉਨ੍ਹਾਂ ਕਿਹਾ ਕਿ ਇਸ ਗੰਭੀਰ ਮਾਮਲੇ 'ਤੇ ਸਿਆਸਤ ਨਹੀਂ ਕਰਨੀ ਚਾਹੀਦੀ। ਵਿਸ਼ੇਸ਼ ਜਾਂਚ ਟੀਮ ਨੂੰ ਬਿਨਾਂ ਕਿਸੇ ਸਿਆਸੀ ਦਬਾਅ ਇਸ ਮਾਮਲੇ ਦੀ ਜਾਂਚ ਕਰਨੀ ਚਾਹੀਦੀ ਹੈ।
ਫਲਿਪ ਕਾਰਟ ਕੰਪਨੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਕਾਰਪੇਟ 'ਤੇ ਲਗਾਉਣ ਦੇ ਮਾਮਲੇ ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਸਰਕਾਰ ਤੋਂ ਮੰਗ ਕਰਦੇ ਹਨ ਕਿ ਇਹੋ ਜਿਹੇ ਮਾਮਲਿਆਂ ਨੂੰ ਛੇਤੀ ਸੁਲਝਾਇਆ ਜਾਵੇ ਅਤੇ ਧਾਰਮਕ ਨਿਸ਼ਾਨੀਆਂ ਦੀ ਬੇਅਦਬੀ ਕਰਨ ਵਾਲੀਆਂ ਕੰਪਨੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਬਜਟ ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਾਰੇ ਸੂਬਿਆਂ ਦੀਆਂ ਸਰਕਾਰਾਂ ਗ਼ਰੀਬ ਕਿਸਾਨਾਂ ਦੀਆਂ ਸੂਚੀਆਂ ਭੇਜ ਰਹੀਆਂ ਹਨ ਪਰ ਪੰਜਾਬ ਸਰਕਾਰ ਨੇ ਹੁਣ ਤਕ ਇਹ ਸੂਚੀ ਨਹੀਂ ਭੇਜੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੂਰੇ ਦੇਸ਼ 'ਚ 5 ਲੱਖ ਦੀ ਬੀਮਾ ਯੋਜਨਾ ਸ਼ੁਰੂ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਨੇ ਇਸ ਮਾਮਲੇ ਵਿਚ ਵੀ ਕੋਈ ਕਦਮ ਨਹੀਂ ਚੁੱਕਿਆ ਹੈ।