ਜਲੰਧਰ: ਫਿਲੌਰ ਦੇ ਮੌਂ ਸਾਹਿਬ ਵਿਖੇ ਬੀਤੇ ਦਿਨ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਆਪਣੇ ਘਰ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ,ਜਿਸ ਤੋਂ ਬਾਅਦ ਹੁਣ ਭਾਰਤੀ ਕਿਸਾਨ ਯੂਨੀਅਨ ਵੱਲੋਂ ਮ੍ਰਿਤਕ ਕਿਸਾਨ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਗਈ ਹੈ।
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਨੇ ਮ੍ਰਿਤਕ ਕਿਸਾਨ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕਰਦਿਆਂ ਸਰਕਾਰ 'ਤੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਦੇ ਕਾਰਨ ਹੀ ਕਿਸਾਨ ਆਤਮ ਹੱਤਿਆ ਕਰਨ ਨੂੰ ਮਜਬੂਰ ਹੋ ਜਾਂਦਾ ਹੈ। ਜੇਕਰ ਸਰਕਾਰ ਕਿਸਾਨਾਂ ਬਾਰੇ ਸਹੀ ਢੰਗ ਨਾਲ ਸੋਚੇ ਤਾਂ ਕਿਸਾਨ ਨੂੰ ਕਦੀ ਖ਼ੁਦਕੁਸ਼ੀ ਕਰਨ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਨੇ ਕਿਹਾ ਕਿ ਉਸ ਕਿਸਾਨ ਦੇ ਘਰ ਸਿਰਫ਼ ਉਹੀ ਇਕੱਲਾ ਕਮਾਉਣ ਵਾਲਾ ਸੀ। ਉਸ ਦੇ ਬੱਚੇ ਹਾਲੇ ਛੋਟੇ ਹਨ ਅਤੇ ਮਾਂ ਪਿਓ ਦੀ ਬਜ਼ੁਰਗ ਹਨ, ਜਿਸ ਕਾਰਨ ਸਰਕਾਰ ਉਸ ਦੀ ਪਤਨੀ ਨੂੰ ਸਹਾਰਾ ਦੇਵੇ। ਉਸ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਤਾਂ ਜੋ ਉਸ ਦੇ ਘਰ ਦਾ ਖਰਚਾ ਚੱਲ ਚੱਲ ਸਕੇ।
ਇਸੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਹੋਏ ਕਾਨੂੰਨਾਂ ਬਾਰੇ ਬੋਲਦੇ ਹੋਏ ਕਿਹਾ ਹੈ ਕਿ ਜੇਕਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਤਾਂ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਿਸਾਨ ਖੁਦਕੁਸ਼ੀ ਕਰਨ ਨੂੰ ਮਜਬੂਰ ਹੋ ਜਾਣਗੇ।