ਜਲੰਧਰ : ਸੰਯੁਕਤ ਕਿਸਾਨ ਮੋਰਚਾ ਦੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਬਲਬੀਰ ਸਿੰਘ ਰਾਜੇਵਾਲ ਗਰੁੱਪ ਨਾਲ ਸੰਬੰਧਿਤ ਪੰਜ ਕਿਸਾਨ ਜਥੇਬੰਦੀਆਂ ਨਾਲ ਇੱਕ ਸਾਂਝੀ ਮੀਟਿੰਗ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ । ਮੀਟਿੰਗ ਦੀ ਪ੍ਰਧਾਨਗੀ ਬੂਟਾ ਸਿੰਘ ਬੁਰਜ ਗਿੱਲ, ਡਾ. ਸਤਨਾਮ ਸਿੰਘ ਅਜਨਾਲਾ ਅਤੇ ਹਰਜਿੰਦਰ ਸਿੰਘ ਟਾਂਡਾ ਨੇ ਕੀਤੀ। ਮੀਟਿੰਗ ਵਿੱਚ ਪੰਜ ਕਿਸਾਨ ਜਥੇਬੰਦੀਆਂ ਨਾਲ 32 ਕਿਸਾਨ ਜਥੇਬੰਦੀਆਂ ਦੇ ਚੈਪਟਰ ਦੀ ਏਕਤਾ ਦੇ ਬੀਤੇ ਸਮੇਂ ਤੋਂ ਚੱਲ ਰਹੇ ਅਮਲ ਨੂੰ ਅੱਜ ਉਸ ਸਮੇਂ ਬੂਰ ਪੈ ਗਿਆ ਜਦੋਂ ਪੰਜ ਕਿਸਾਨ ਜਥੇਬੰਦੀਆਂ ਦੀ 32 ਜਥੇਬੰਦੀਆਂ ਦੀ 'ਚ ਘਰ ਵਾਪਸੀ ਹੋ ਗਈ।
ਘਰ ਵਾਪਸੀ: ਮੀਟਿੰਗ ਵਿੱਚ ਪੰਜ ਕਿਸਾਨ ਜਥੇਬੰਦੀਆਂ ਨੇ ਐਸਕੇਐਮ ਦੇ ਚੋਣਾਂ ਸਬੰਧੀ ਬਣਾਏ ਅਸੂਲ ਕਿ "ਅੱਗੇ ਤੋਂ ਕੋਈ ਵੀ ਕਿਸਾਨ ਯੂਨੀਅਨ, ਯੂਨੀਅਨ ਦੇ ਤੌਰ 'ਤੇ ਚੋਣਾਂ ਨਹੀਂ ਲੜੇਗੀ ਅਜਿਹਾ ਕਰਨ ਉੱਪਰ ਯੂਨੀਅਨ ਨੂੰ ਐਸਕੇਐਮ ਵਿੱਚੋਂ ਬਾਹਰ ਕਰ ਦਿੱਤਾ ਜਾਵੇਗਾ। ਕਿਸੇ ਆਗੂ ਵੱਲੋਂ ਚੋਣਾਂ ਲੜਨ 'ਤੇ ਉਸ ਨੂੰ ਐਸਕੇਐਮ ਦੀਆਂ ਆਗੂ ਪੁਜੀਸ਼ਨਾਂ ਤੋਂ ਹਟਾ ਦਿੱਤਾ ਜਾਵੇਗਾ। ਇਸ ਨਾਲ ਸਭ ਵੱਲੋਂ ਸਹਿਮਤੀ ਪ੍ਰਗਟ ਕਰ ਦਿੱਤੀ। ਵਰਨਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਮਗਰੋਂ ਐਸਕੇਐਮ ਵਿੱਚ ਆਈ ਦਰਾਰ ਮਗਰੋਂ ਸੰਯੁਕਤ ਕਿਸਾਨ ਮੋਰਚਾ ਨੇ ਮੋਰਚੇ 'ਚ ਸ਼ਾਮਲ ਜਥੇਬੰਦੀਆਂ ਨੂੰ ਸੰਚਾਲਿਤ ਕਰਨ ਲਈ ਨੌ-ਨੁਕਾਤੀ ਦਿਸ਼ਾ ਨਿਰਦੇਸ਼ ਬਣਾਏ ਸਨ । ਅੱਜ ਦੀ ਮੀਟਿੰਗ ਵਿੱਚ ਪੰਜ ਕਿਸਾਨ ਜਥੇਬੰਦੀਆਂ ਨੇ ਅੱਗੇ ਤੋਂ ਇਨਾਂ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਦਾ ਵਚਨ ਦਿੱਤਾ।
28 ਜਨਵਰੀ ਨੂੰ ਚੰਡੀਗੜ੍ਹ ਵਿਖੇ ਮੁੜ ਮੀਟਿੰਗ : ਮੀਟਿੰਗ ਵਿੱਚ ਹੀ ਪੰਜ ਕਿਸਾਨ ਜਥੇਬੰਦੀਆਂ ਵੱਲੋਂ 18 ਜਨਵਰੀ ਨੂੰ ਚੰਡੀਗੜ੍ਹ ਵਿਖੇ ਪਾਣੀ ਦੇ ਮੁੱਦੇ 'ਤੇ ਲੱਗਣ ਵਾਲੇ ਮੋਰਚੇ ਨੂੰ ਕਿਸਾਨ ਜਥੇਬੰਦੀਆਂ ਦੀ ਅਪੀਲ 'ਤੇ ਮੁਲਤਵੀ ਕਰ ਦਿੱਤਾ ਗਿਆ। ਮੀਟਿੰਗ 'ਚ ਫੈਸਲਾ ਕੀਤਾ ਕਿ ਕਿਸਾਨਾਂ ਦੀਆਂ ਮੰਗਾਂ ਸਮੇਤ ਪਾਣੀ ਦੇ ਸਵਾਲ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਸੰਘਰਸ਼ ਦੀ ਅਗਲੀ ਰਣਨੀਤੀ ਬਣਾਉਣ ਲਈ 28 ਜਨਵਰੀ ਨੂੰ ਚੰਡੀਗੜ੍ਹ ਵਿਖੇ ਮੁੜ ਮੀਟਿੰਗ ਸੱਦੀ ਹੈ।