ਜਲੰਧਰ: ਪੰਜਾਬ ਸਰਕਾਰ ਵੱਲੋਂ ਜਲੰਧਰ ਲਈ 1850 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ। ਜਿਨ੍ਹਾਂ ਵਿੱਚੋਂ ਮੰਗਲਵਾਰ ਨੂੰ ਮੁੱਖ ਮੰਤਰੀ ਦੇ ਚੀਫ ਪ੍ਰਿੰਸੀਪਲ ਸੈਕਟਰੀ ਸੁਰੇਸ਼ ਕੁਮਾਰ ਨੇ ਜਲੰਧਰ ਕੈਂਟ ਵਿਧਾਨ ਸਭਾ ਹਲਕੇ ਲਈ 161 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਉਨ੍ਹਾਂ ਕਿਹਾ ਕਿ ਸਾਰੇ ਪ੍ਰਾਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਵਾਉਣ ਲਈ ਮੁੱਖ ਮੰਤਰੀ ਦਫ਼ਤਰ ਤੋਂ ਇਨ੍ਹਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਵਿਕਾਸ ਪ੍ਰੋਜੈਕਟਸ ਦੇ ਪੂਰਾ ਹੋਣ 'ਤੇ ਜਲੰਧਰ ਦੀ ਨੁਹਾਰ ਬਦਲ ਜਾਵੇਗੀ ਅਤੇ ਲੋਕਾਂ ਨੂੰ ਉਨ੍ਹਾਂ ਦੀਆਂ ਇੱਛਾਵਾਂ ਮੁਤਾਬਕ ਸਹੂਲਤਾਂ ਮਿਲਣਗੀਆਂ।
ਉਨ੍ਹਾਂ ਕਿਹਾ ਕਿ ਜਲੰਧਰ ਲਈ 900 ਕਰੋੜ ਰੁਪਏ ਦੇ ਪ੍ਰੋਜੈਕਟਾਂ 'ਤੇ ਕੰਮ ਚੱਲ ਰਿਹਾ ਹੈ। ਕਰੀਬ 400 ਕਰੋੜ ਰੁਪਏ ਦੇ ਕਾਰਜਾਂ ਲਈ ਟੈਂਡਰ ਲਗ ਚੁੱਕੇ ਹਨ ਅਤੇ ਬਾਕੀ ਕਾਰਜਾਂ ਨੂੰ ਵੀ ਜਲਦੀ ਸ਼ੁਰੂ ਕਰਵਾਉਣ ਸਬੰਧੀ ਕਾਰਵਾਈ ਚੱਲ ਰਹੀ ਹੈ।
ਚੀਫ ਪ੍ਰਿੰਸੀਪਲ ਸੈਕਟਰੀ ਨੇ ਦੱਸਿਆ ਕਿ ਨਵੇਂ ਪ੍ਰਾਜੈਕਟਾਂ ਦੇ ਨਾਲ-ਨਾਲ ਪੁਰਾਣੇ ਪ੍ਰਾਜੈਕਟਾਂ 'ਤੇ ਵੀ ਕੰਮ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਘਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ, ਸੜਕ-ਸੀਵਰੇਜ ਦਾ ਨੈੱਟਵਰਕ, ਵੇਸਟ ਡਿਸਪੋਜ਼ਲ, ਕਲੋਨੀਆਂ ਵਿੱਚ ਪਾਰਕਾਂ ਦੀ ਵਿਵਸਥਾ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਜਲੰਧਰ ਕੈਂਟ ਵਿਧਾਨ ਸਭਾ ਹਲਕੇ ਦੇ ਵਿਧਾਇਕ ਪਰਗਟ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਵਿੱਚ ਅੱਜ 161 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।