ਜਲੰਧਰ: ਠੇਕਾ ਮੁਲਾਜ਼ਮਾਂ ਅਤੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਮੈਂਬਰਾਂ ਨੇ ਮਿਲ ਕੇ ਜਲੰਧਰ ਤੋਂ ਕਾਂਗਰਸ ਉਮੀਦਵਾਰ ਚੌਧਰੀ ਸੰਤੋਖ ਸਿੰਘ ਦੇ ਘਰ ਦਾ ਘੇਰਾਓ ਕੀਤਾ। ਪ੍ਰਦਰਸ਼ਨਕਾਰੀ, ਚੌਧਰੀ ਸੰਤੋਖ ਸਿੰਘ ਦੇ ਘਰ ਦੇ ਬਾਹਰ ਧਰਨਾ ਲਗਾ ਕੇ ਬੈਠੇ ਰਹੇ ਜਿਸ ਕਾਰਨ ਉਨ੍ਹਾਂ ਦਾ ਘਰੋਂ ਨਿਕਲਣਾ ਮੁਸ਼ਕਲ ਹੋ ਗਿਆ।
ਠੇਕਾ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਕਈ ਸਾਲਾਂ ਤੋਂ ਆਪਣੀਆਂ ਮੰਗਾ ਨੂੰ ਲੈ ਕੇ ਵੱਖ-ਵੱਖ ਆਗੂਆਂ ਨੂੰ ਮਿਲ ਚੁੱਕੇ ਹਨ ਅਤੇ ਧਰਨੇ ਵੀ ਦੇ ਰਹੇ ਹਨ ਪਰ ਫਿਰ ਵੀ ਸਰਕਾਰ ਨੇ ਕੋਈ ਹੱਲ ਨਹੀਂ ਕੱਢਿਆ।
ਉਨ੍ਹਾਂ ਕਿਹਾ ਕਿ ਮੰਗਾ ਨਾ ਮੰਨਣ 'ਤੇ ਉਨ੍ਹਾਂ ਨੂੰ ਮਜਬੂਰਨ ਕਾਂਗਰਸ ਉਮੀਦਵਾਰ ਸੰਤੋਖ ਸਿੰਘ ਚੌਧਰੀ ਦੇ ਘਰ ਦਾ ਘੇਰਾਓ ਕਰਨਾ ਪਿਆ ਤਾਂ ਜੋ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨ ਲਵੇ।
ਦੂਜੇ ਪਾਸੇ ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਵੀਰਵਾਰ ਨੂੰ ਠੇਕਾ ਮੁਲਾਜ਼ਮ ਅਤੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਉਨ੍ਹਾਂ ਨੂੰ ਆ ਕੇ ਮਿਲੇ ਅਤੇ ਇੱਕ ਮੰਗ ਪੱਤਰ ਦਿੱਤਾ ਹੈ। ਚੌਧਰੀ ਨੇ ਕਿਹਾ ਕਿ ਉਨ੍ਹਾਂ ਨੇ ਮੰਗ ਪੱਤਰ ਸਵੀਕਾਰ ਕਰ ਲਿਆ ਹੈ ਅਤੇ ਉਨ੍ਹਾਂ ਦੀਆਂ ਮੰਗਾ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ।