ਜਲੰਧਰ: ਪਿੰਡ ਰੁੜਕੀ ’ਚ ਲੋਕਾਂ ਨੇ ਬਲਾਤਕਾਰ ਦੇ ਮਾਮਲੇ ’ਚ ਪੀੜਤ ਪਰਿਵਾਰ ਨੂੰ ਇਨਸਾਫ ਦਵਾਉਣ ਲਈ ਕੈਂਡਲ ਮਾਰਚ ਕੱਢਿਆ ਤੇ ਮੁਲਜ਼ਮ ਲਈ ਫਾਂਸੀ ਦੀ ਸਜਾ ਦੀ ਮੰਗ ਕੀਤੀ ਹੈ। ਲੋਕਾਂ ਨੇ ਕਿਹਾ ਕਿ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਨੂੰ ਫਾਂਸੀ ਦੀ ਸਜਾ ਹੀ ਹੋਣੀ ਚਾਹੀਦੀ ਹੈ ਤਾਂ ਜੋ ਅੱਗੇ ਤੋਂ ਕੋਈ ਅਜਿਹੀ ਹਰਕਤ ਨਾ ਕਰ ਸਕੇ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਹੋ ਜਿਹੇ ਮੁਲਜ਼ਮ ਜੋ ਮਾਸੂਮ ਬੱਚਿਆਂ ਦੇ ਨਾਲ ਇਹੋ ਜਿਹੀ ਹਰਕਤ ਕਰਦੇ ਹਨ ਉਨ੍ਹਾਂ ਨੂੰ ਸਮਾਜ ਵਿੱਚ ਰਹਿਣ ਦਾ ਕੋਈ ਹੱਕ ਨਹੀਂ ਹੈ। ਇਸ ਦੇ ਨਾਲ ਲੋਕਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਕਿਹਾ ਹੈ ਕਿ ਜੇਕਰ ਮੁਲਜ਼ਮ ਨੂੰ ਜਲਦ ਤੋਂ ਜਲਦ ਫਾਂਸੀ ਨਾ ਦਿੱਤੀ ਗਈ ਤਾਂ ਉਹ ਵੱਡੇ ਪੱਧਰ ’ਤੇ ਸੰਘਰਸ਼ ਕਰਨਗੇ।
ਕੀ ਹੈ ਮਾਮਲਾ ?
ਦੱਸ ਦਈਏ ਕਿ ਬੀਤੇ ਦਿਨੀਂ ਹੋਏ ਗੁਰਾਇਆ ਦੇ ਨਜ਼ਦੀਕੀ ਪਿੰਡ ਰੁੜਕੀ ਵਿੱਚ ਇੱਕ 12 ਸਾਲਾ ਦੀ ਮਾਸੂਮ ਦੀ ਲਾਸ਼ ਮਿਲਣ ਨਾਲ ਮਾਹੌਲ ਤਣਾਅਪੂਰਨ ਬਣ ਗਿਆ ਸੀ। ਜਿਸ ਤੋਂ ਬਾਅਦ ਇਹ ਪਤਾ ਲੱਗਾ ਕਿ ਉਸ ਕੁੜੀ ਦੇ ਨਾਲ ਉਸ ਦੇ ਹੀ ਪਿੰਡ ਦੇ ਰਹਿਣ ਵਾਲੇ 30 ਸਾਲਾ ਵਿਅਕਤੀ ਨੇ ਉਸ ਨਾਲ ਬਲਾਤਕਾਰ ਕੀਤਾ ਸੀ। ਜਿਸ ਤੋਂ ਬਾਅਦ ਲੜਕੀ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ ਤੇ ਬਣਦੀ ਕਾਰਵਾਈ ਕਰਨ ਦੀ ਗੱਲ ਕਹੀ ਜਾ ਰਹੀ ਹੈ।