ਜਲੰਧਰ: ਕਿਸਾਨਾਂ ਵੱਲੋਂ ਬਿਜਲੀ ਸਪਲਾਈ ਨਾ ਮਿਲਣ ਕਾਰਨ ਸ਼ਨੀਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੀ ਅਗਵਾਈ ਵਿੱਚ ਗੁਰਾਇਆਂ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਦਫ਼ਤਰ ਅੱਗੇ ਧਰਨਾ ਲਾ ਕੇ ਭਰਵੀਂ ਨਾਅਰੇਬਾਜ਼ੀ ਕੀਤੀ ਗਈ।
ਧਰਨਾ ਲਾ ਕੇ ਬੈਠੇ ਕਿਸਾਨਾਂ ਨੇ ਕਿਹਾ ਕਿ ਝੌਨੇ ਦੀ ਫ਼ਸਲ ਨੂੰ ਅਜੇ ਵੀ ਪਾਣੀ ਦੀ ਜ਼ਰੂਰਤ ਹੈ ਪਰ ਵਿਭਾਗ ਵੱਲੋਂ ਬਿਜਲੀ ਨਾ ਮਿਲਣ ਕਰਕੇ ਉਨ੍ਹਾਂ ਦੀ ਫ਼ਸਲ ਨੂੰ ਸਹੀ ਢੰਗ ਨਾਲ ਪਾਣੀ ਨਹੀਂ ਮਿਲ ਰਿਹਾ। ਗੱਲਬਾਤ ਦੌਰਾਨ ਕਿਸਾਨ ਜਸਵੀਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਝੌਨੇ ਦੀ ਪਛੇਤੀ ਫ਼ਸਲ ਹੋਣ ਕਰਕੇ ਅਜੇ ਪਾਣੀ ਦੀ ਜ਼ਰੂਰਤ ਹੈ ਪਰ ਮੋਟਰਾਂ ਨੂੰ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਫ਼ਸਲ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਜੋ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਉਹ ਸਿਰਫ਼ ਦੋ ਘੰਟੇ ਦਿੱਤੀ ਜਾ ਰਹੀ ਹੈ।
ਇਸ ਮੌਕੇ ਧਰਨਾਕਾਰੀ ਕਿਸਾਨਾਂ ਨੇ ਰੋਹ ਵਿੱਚ ਆ ਕੇ ਬਿਜਲੀ ਦਫ਼ਤਰ ਨੂੰ ਜਿੰਦਰਾ ਲਾ ਦਿੱਤਾ ਅਤੇ ਮੰਗ ਕੀਤੀ ਕਿ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਐਲਾਨ ਕੀਤਾ ਕਿ ਜਿੰਨਾ ਚਿਰ ਬਿਜਲੀ ਸਪਲਾਈ ਦਾ ਮਸਲਾ ਹੱਲ ਨਹੀਂ ਹੋ ਜਾਂਦਾ, ਓਨਾ ਚਿਰ ਇਹ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।
ਉਧਰ ਬਿਜਲੀ ਬੋਰਡ ਦੇ ਐਕਸੀਅਨ ਹਰਦੇਵ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਰੇਲ ਆਵਾਜਾਈ ਬੰਦ ਹੋਣ ਕਰਕੇ ਕੋਲੇ ਦੀ ਘਾਟ ਆ ਰਹੀ ਹੈ, ਜਿਸ ਨਾਲ ਪਿੱਛੋਂ ਬਿਜਲੀ ਦੇ ਕੱਟ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਮੱਸਿਆ ਨੂੰ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਕੇ ਜਲਦ ਹੀ ਹੱਲ ਕਰ ਦਿੱਤਾ ਜਾਵੇਗਾ।