ਜਲੰਧਰ : 10 ਮਈ ਨੂੰ ਹੋਣ ਜਾ ਰਹੀ ਜਿਮਨੀ ਚੋਣ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਅੱਜ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ ਅਧੀਨ ਚੋਣ ਅਮਲੇ ਦੀ ਪਹਿਲੀ ਰਿਹਰਸਲ ਕਰਵਾਈ ਗਈ। ਜਿਸ ਦੌਰਾਨ ਪੋਲਿੰਗ ਸਟਾਫ਼ ਨੂੰ ਉਨ੍ਹਾਂ ਦੀ ਡਿਊਟੀ ਅਤੇ ਜ਼ਿੰਮੇਵਾਰੀਆਂ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ 9 ਵਿਧਾਨ ਸਭਾ ਹਲਕਿਆਂ ਅਧੀਨ ਚੋਣ ਅਮਲੇ ਦੀ ਪਹਿਲੀ ਰਿਹਰਸਲ ਸਹਾਇਕ ਰਿਟਰਨਿੰਗ ਅਫ਼ਸਰਾਂ ਦੀ ਦੇਖ-ਰੇਖ ਹੇਠ ਕਰਵਾਈ ਗਈ ਹੈ।
ਰਿਹਸਲਾਂ ਕਰਨ ਦਾ ਦੱਸਿਆ ਵੇਰਵਾ: ਉਨ੍ਹਾਂ ਦੱਸਿਆ ਕਿ ਰਿਹਰਸਲ ਦੌਰਾਨ ਮਾਸਟਰ ਟ੍ਰੇਨਰਾਂ ਵੱਲੋਂ ਚੋਣ ਅਮਲੇ ਵਿੱਚ ਸ਼ਾਮਲ ਪ੍ਰੀਜ਼ਾਈਡਿੰਗ ਅਫ਼ਸਰਾਂ ਅਤੇ ਪੋਲਿੰਗ ਅਫ਼ਸਰਾਂ ਨੂੰ ਵੋਟਿੰਗ ਪ੍ਰਕਿਰਿਆ ਦੀਆਂ ਬਰੀਕੀਆਂ ਬਾਰੇ ਜਾਣੂ ਕਰਵਾਇਆ ਗਿਆ ਹੈ। ਤਾਂ ਜੋ ਵੋਟਾਂ ਵਾਲੇ ਦਿਨ ਪੋਲਿੰਗ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਚੋਣ ਅਮਲੇ ਦੀ ਦੂਜੀ ਰਿਹਰਸਲ 25 ਅਪ੍ਰੈਲ, ਤੀਜੀ ਰਿਹਰਸਲ 30 ਅਪ੍ਰੈਲ ਅਤੇ ਚੌਥੀ ਤੇ ਆਖਰੀ ਰਿਹਰਸਲ 9 ਮਈ ਨੂੰ ਹੋਵੇਗੀ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈ ਸਿਖਲਾਈ ਜਿਮਨੀ ਚੋਣ ਨੂੰ ਬਿਨਾਂ ਕਿਸੇ ਰੁਕਾਵਟ ਦੇ ਸਿਰੇ ਚਾੜ੍ਹਨ ਲਈ ਚੋਣ ਅਮਲੇ ਨੂੰ ਆਪਣੀ ਡਿਊਟੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਹਾਸਲ ਕਰਨ ਵਿੱਚ ਸਹਾਈ ਸਾਬਤ ਹੋਵੇਗੀ।
ਇਨ੍ਹਾਂ ਥਾਵਾਂ ਉਤੇ ਹੋਈ ਰਿਹਰਸਲ: ਜ਼ਿਕਰਯੋਗ ਹੈ ਕਿ ਜਿਮਨੀ ਚੋਣ ਦੇ ਮੱਦੇਨਜ਼ਰ ਐਤਵਾਰ ਨੂੰ ਜ਼ਿਲ੍ਹੇ ਵਿੱਚ 10 ਵੱਖ-ਵੱਖ ਥਾਵਾਂ ’ਤੇ ਚੋਣ ਅਮਲੇ ਦੀ ਰਿਹਰਸਲ ਕਰਵਾਈ ਗਈ ਹੈ। ਜਿਨ੍ਹਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਫਿਲੌਰ, ਗੁਰੂ ਨਾਨਕ ਨੈਸ਼ਨਲ ਕਾਲਜ (ਲੜਕੇ) ਨਕੋਦਰ, ਸਰਕਾਰੀ ਕਾਲਜ ਸ਼ਾਹਕੋਟ, ਖਾਲਸਾ ਕਾਲਜ ਫਾਰ ਵੁਮੈਨ ਕੈਂਟ ਰੋਡ, ਐਚ.ਐਮ.ਵੀ ਕਾਲਜ, ਦੋਆਬਾ ਕਾਲਜ, ਡੀ.ਏ.ਵੀ. ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਕਬੀਰ ਨਗਰ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ, ਏ.ਪੀ.ਜੇ. ਕਾਲਜ ਅਤੇ ਕੇ.ਐਮ.ਵੀ. ਸੰਸਕ੍ਰਿਤੀ ਸਕੂਲ ਸ਼ਾਮਲ ਹਨ।
ਇਨ੍ਹਾਂ ਦੀ ਨਿਗਰਾਨੀ ਹੇਠ ਹੋਈ ਰਿਹਰਸਲ: ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਵੱਖ-ਵੱਖ ਰਿਹਰਸਲ ਸਥਾਨਾਂ ਦਾ ਦੌਰਾ ਕਰਕੇ ਚੋਣ ਅਮਲੇ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਹ ਵੀ ਪੜ੍ਹੋ:- ਕਰਨਾਟਕ ਵਿਧਾਨ ਸਭਾ ਚੋਣ : ਭਾਜਪਾ ਅਤੇ ਜੇਡੀ-ਐਸ ਦੇ 45 ਨੇਤਾ ਪਾਰਟੀ - ਕਾਂਗਰਸ ਪਾਰਟੀ ਵਿੱਚ ਹੋਏ ਸ਼ਾਮਲ