ਜਲੰਧਰ : 'ਆਪ' ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਪਹਿਲੀ ਐਸੀ ਸਰਕਾਰ ਹੈ ,ਜਿਸ ਵੱਲੋਂ ਭਾਰੀ ਅਤੇ ਬੇਮੌਸਮੀ ਬਰਸਾਤ ਕਾਰਨ ਹੋਏ ਕਿਸਾਨਾਂ ਦੇ ਹੋਏ ਨੁਕਸਾਨ ਲਈ ਮੁਆਵਜ਼ੇ ਦੇ ਚੈੱਕ ਵੰਡ ਗਏ ਹਨ ਜਦੋਂ ਕਿ ਫ਼ਸਲ ਅਜੇ ਖੇਤ ਵਿੱਚ ਹੀ ਹੈ। ‘ਆਪ’ ਮੰਤਰੀ ਅੱਜ ਜਲੰਧਰ ਵਿੱਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ, ਸੂਬਾ ਸਕੱਤਰ ਰਾਜਵਿੰਦਰ ਕੌਰ ਥਿਆੜਾ ਅਤੇ ਪਾਰਟੀ ਦੇ ਬੁਲਾਰੇ ਅਹਿਬਾਬ ਗਰੇਵਾਲ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।
ਪ੍ਰਤੀ ਬਿੱਲ 600 ਯੂਨਿਟ ਮੁਫਤ ਬਿਜਲੀ: ਉਨ੍ਹਾਂ ਕਿਹਾ ਕਿ 10 ਫੀਸਦੀ ਮੁਆਵਜ਼ੇ ਦੀ ਰਾਸ਼ੀ ਮਜ਼ਦੂਰਾਂ ਅਤੇ ਕਾਮਿਆਂ ਲਈ ਰਾਖਵੀਂ ਰੱਖੀ ਗਈ ਹੈ ਕਿਉਂਕਿ ਉਹ ਲਗਾਤਾਰ ਮੀਂਹ ਅਤੇ ਗੜ੍ਹੇਮਾਰੀ ਕਾਰਨ ਔਖੇ ਵਿੱਤੀ ਹਾਲਾਤਾਂ ਦਾ ਸਾਹਮਣਾ ਕਰ ਰਹੇ ਹਨ। ਈਟੀਓ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਿਰਫ਼ ਚੁਣੇ ਹੋਏ ਲੋਕਾਂ ਜਾਂ ਭਾਈਚਾਰਿਆਂ ਨੂੰ ਹੀ ਲਾਭ ਮਿਲਦਾ ਸੀ। ਪਰ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਪ੍ਰਤੀ ਬਿੱਲ 600 ਯੂਨਿਟ ਮੁਫਤ ਬਿਜਲੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਮੀਟਰ (ਕਿਲੋਵਾਟ) ਦੇ ਲੋਡ ਦੇ ਨਾਂ 'ਤੇ ਗਰੀਬ ਲੋਕਾਂ ਦਾ ਸ਼ੋਸ਼ਣ ਹੁੰਦਾ ਸੀ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਗਰੀਬ ਲੋਕਾਂ ਦਾ ਸ਼ੋਸ਼ਣ ਬੰਦ ਹੋ ਗਿਆ ਹੈ।
ਮੈਡੀਕਲ ਕਾਲਜ ਖੋਲ੍ਹੇ ਜਾਣਗੇ: ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਸਿੱਖਿਆ ਸੁਧਾਰਾਂ ਬਾਰੇ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬੇ ਵਿੱਚ ਇਮਾਨਦਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ 2-3 ਗੁਣਾ ਵੱਧ ਵਿਦਿਆਰਥੀਆਂ ਨੇ ਅਨੁਸੂਚਿਤ ਜਾਤੀ ਸਕਾਲਰਸ਼ਿਪ ਲਈ ਦਾਖਲਾ ਲਿਆ ਹੈ। ਕਪੂਰਥਲਾ ਅਤੇ ਹੁਸ਼ਿਆਰਪੁਰ ਵਿੱਚ 10 UPSC ਸਿਖਲਾਈ ਕੇਂਦਰ ਅਤੇ ਦੋ ਮੈਡੀਕਲ ਕਾਲਜ ਖੋਲ੍ਹੇ ਜਾਣਗੇ। 117 ਸਕੂਲ ਆਫ ਐਮੀਨੈਂਸ ਦੇ ਨਾਲ-ਨਾਲ ਸਰਕਾਰੀ ਸਕੂਲਾਂ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ ਤਾਂ ਜੋ ਗਰੀਬ ਪਰਿਵਾਰਾਂ ਦੇ ਬੱਚੇ ਮਿਆਰੀ ਸਿੱਖਿਆ ਪ੍ਰਾਪਤ ਕਰ ਸਕਣ, ਅਧਿਕਾਰੀ ਬਣ ਸਕਣ ਅਤੇ ਦੱਬੇ-ਕੁਚਲੇ ਅਤੇ ਗਰੀਬ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕ ਸਕਣ।
28,000 ਤੋਂ ਵੱਧ ਨੌਕਰੀਆਂ ਦਿੱਤੀਆਂ: 'ਆਪ' ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਸਾਡੇ ਕਨਵੀਨਰ ਅਰਵਿੰਦ ਕੇਜਰੀਵਾਲ ਡਾ: ਭੀਮ ਰਾਓ ਅੰਬੇਡਕਰ ਦੀ ਵਿਚਾਰਧਾਰਾ 'ਤੇ ਚੱਲਦੇ ਹਨ। ਉਨ੍ਹਾਂ ਕਿਹਾ ਕਿ ਅੱਜ ਹਰ ਸਰਕਾਰੀ ਦਫ਼ਤਰ ਵਿੱਚ ਸ਼ਹੀਦ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਡਕਰ ਦੀਆਂ ਫੋਟੋਆਂ ਲੱਗੀਆਂ ਹੋਈਆਂ ਹਨ ਕਿਉਂਕਿ ਸਾਨੂੰ ਉਨ੍ਹਾਂ ਤੋਂ ਲੋਕਾਂ ਅਤੇ ਆਪਣੇ ਸੂਬੇ ਦਾ ਭਲਾ ਕਰਨ ਦੀ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ 28,000 ਤੋਂ ਵੱਧ ਨੌਕਰੀਆਂ ਦਿੱਤੀਆਂ ਅਤੇ ਸਭ ਰੈਗੂਲਰ ਹਨ। 9500 ਏਕੜ ਤੋਂ ਵੱਧ ਜ਼ਮੀਨ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਈ ਗਈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਲਈ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਹੋਰ ਲੋਕ ਪੱਖੀ ਫੈਸਲੇ ਲਏ ਜਾਣਗੇ।